ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਨੇ ਤੁਰਤ ਰਾਸ਼ਨ ਭੇਜਣ ਦੀ ਕੀਤੀ ਮੰਗ
ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਨ ਵਾਸਤੇ ਮਿਡ-ਡੇ-ਮੀਲ ਸਕੀਮ ਅਧੀਨ ਕੱਚਾ ਰਾਸ਼ਨ ਕਣਕ ਅਤੇ ਚਾਵਲ ਪੰਜਾਬ ਸਰਕਾਰ ਵੱਲੋਂ ਭੇਜੇ ਜਾਂਦੇ ਹਨ। ਹੁਣ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਧਿਆਨ ਵਿੱਚ ਆਇਆ ਹੈ ਕਿ ਪਿਛਲੇ ਕਈ ਦਿਨਾਂ ਤੋਂ ਸਕੂਲਾਂ ਵਿੱਚ ਕਣਕ ਅਤੇ ਚਾਵਲ ਦਾ ਸਟਾਕ ਖਤਮ ਹੋਣ ਕਰਕੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਨ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਅਧਿਆਪਕਾਂ ਵੱਲੋਂ ਆਸੇ ਪਾਸੇ ਦੇ ਸਕੂਲਾਂ ਤੋਂ ਉਧਾਰਾ ਕਣਕ ਅਤੇ ਚਾਵਲ ਫੜ੍ਹ ਕੇ ਅਧਿਆਪਕਾਂ ਵੱਲੋਂ ਡੰਗ ਟਪਾਇਆ ਜਾ ਰਿਹਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ, ਕਾਰਜਕਾਰੀ ਜਨਰਲ ਸਕੱਤਰ ਪਰਵੀਨ ਕੁਮਾਰ ਲੁਧਿਆਣਾ ਤੇ ਜਿੰਦਰ ਪਾਇਲਟ, ਵਿੱਤ ਸਕੱਤਰ ਨਵੀਨ ਸੱਚਦੇਵਾ, ਸੂਬਾ ਸਲਾਹਕਾਰ ਪ੍ਰੇਮ ਚਾਵਲਾ ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ, ਰਾਕੇਸ਼ ਧਵਨ, ਮਨਦੀਪ ਸਰਥਲੀ ਅਤੇ ਜ਼ਿਲ੍ਹਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ ਨੇ ਸਿੱਖਿਆ ਵਿਭਾਗ ਪੰਜਾਬ ਅਤੇ ਮਿਡ ਡੇ ਮੀਲ ਸਕੀਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਾਰੇ ਸਕੂਲਾਂ ਵਿੱਚ ਤੁਰਤ ਲੋੜ ਅਨੁਸਾਰ ਕਣਕ ਅਤੇ ਚਾਵਲ ਭੇਜੇ ਜਾਣ ਤਾਂ ਜ਼ੋ ਅਧਿਆਪਕਾਂ ਵੱਲੋਂ ਮਿਡ ਡੇ ਮੀਲ ਸਕੀਮ ਤਹਿਤ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਨਿਰੰਤਰ ਤੌਰ ’ਤੇ ਮੁਹੱਈਆ ਕਰਵਾਇਆ ਜਾ ਸਕੇ।

