ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਬਾਕੀ ਰਹਿਦੇ ਸਕੂਲਾਂ ਵਿੱਚ ਤੁਰਤ ਵਰਦੀਆਂ ਭੇਜਣ ਦੀ ਕੀਤੀ ਮੰਗ
ਕੋਟਕਪੂਰਾ, 17 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੀਆਂ ਸਮੂਹ ਲੜਕੀਆਂ, ਐੱਸ.ਸੀ./ਐਸ.ਟੀ. ਅਤੇ ਗਰੀਬੀ ਰੇਖਾ ਤੋਂ ਹੇਠਾਂ ਦੇ ਲੜਕਿਆਂ ਨੂੰ ਵਿਦਿਅਕ ਸੈਸ਼ਨ 2025-26 ਦੌਰਾਨ ਵਰਦੀਆਂ ਦੇਣ ਵਾਸਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਮ ਸਟੇਟ ਪ੍ਰੋਜੈਕਟ ਡਾਇਰੈਕਟਰ ਸਮਗੱਰਾ ਸਿੱਖਿਆ ਅਭਿਆਨ ਅਥਾਰਟੀ ਵੱਲੋਂ ਮਿਤੀ 2 ਮਈ 2025 ਨੂੰ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਪ੍ਰਤੀ ਵਿਦਿਆਰਥੀ 600 ਰੁਪਏ ਦੀ ਗਰਾਂਟ ਜਾਰੀ ਕਰਕੇ ਇੱਕ ਮਹੀਨੇ ਦੇ ਅੰਦਰ ਅੰਦਰ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਦੀ ਹਦਾਇਤ ਜਾਰੀ ਕੀਤੀ ਗਈ ਸੀ।ਇਹਨਾਂ ਵਿੱਚੋਂ ਕਈ ਸਕੂਲਾਂ ਨੂੰ ਇਹ ਵਰਦੀਆਂ ਸੈਲਫ ਹੈਲਪ ਗਰੁੱਪਾਂ ਤੋਂ ਤਿਆਰ ਕਰਵਾਉਣ ਲਈ ਵੀ ਕਿਹਾ ਗਿਆ ਸੀ। ਇਸ ਸਬੰਧ ਵਿੱਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਹ ਵਰਦੀਆਂ ਮਿਲ ਚੁੱਕੀਆਂ ਹਨ ਪਰ ਇਸ ਦੇ ਨਾਲ ਹੀ ਲਗਭਗ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਕਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੈਲਫ ਹੈਲਪ ਗਰੁੱਪਾਂ ਵੱਲੋਂ ਮੁਹਈਆ ਕੀਤੀਆਂ ਜਾਣ ਵਾਲੀਆਂ ਇਹ ਵਰਦੀਆਂ ਅਜੇ ਤੱਕ ਨਸੀਬ ਨਹੀਂ ਹੋ ਸਕੀਆਂ, ਜਿਸ ਕਰਕੇ ਸਬੰਧਤ ਸਕੂਲਾਂ ਦੇ ਵਿਦਿਆਰਥੀ ਕਾਫੀ ਪਰੇਸ਼ਾਨ ਹਨ। ਜਥੇਬੰਦੀ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਨੇ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਤੁਰੰਤ ਸਾਰੇ ਸਕੂਲਾਂ ਨੂੰ ਵਰਦੀਆਂ ਮਿਲਣ ਅਤੇ ਵਰਦੀਆਂ ਨਾ ਮਿਲਣ ਦੀ ਰਿਪੋਰਟ ਪ੍ਰਾਪਤ ਕੀਤੀ ਜਾਵੇ ਅਤੇ ਅਜੇ ਤੱਕ ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਹ ਵਰਦੀਆਂ ਨਹੀਂ ਮਿਲੀਆਂ, ਇਹਨਾਂ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਤੁਰੰਤ ਵਰਦੀਆਂ ਮੁੱਹਈਆ ਕਰਵਾਈਆਂ ਜਾਣ।