ਕੋਟਕਪੂਰਾ, 15 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਇੱਕ ਸ਼ੋਕ ਮਤਾ ਪਾਸ ਕਰਕੇ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਪਾਵਰ ਕਾਮ ਪੈਨਸ਼ਨਰ ਯੂਨੀਅਨ ਦੇ ਸੂਬਾਈ ਸਰਪ੍ਰਸਤ ਕਾਮਰੇਡ ਗੁਰਨਾਮ ਸਿੰਘ ਗਿੱਲ, ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਜਗਮੋਹਨ ਨੌਂਲੱਖਾ ਅਤੇ ਕਈ ਹੋਰ ਸਾਥੀਆਂ ਨੂੰ ਯਾਦ ਕਰਦੇ ਹੋਏ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਅਸ਼ੋਕ ਕੌਸ਼ਲ, ਇਕਬਾਲ ਸਿੰਘ ਮੰਘੇੜਾ, ਸੋਮ ਨਾਥ ਅਰੋੜਾ, ਕੁਲਜੀਤ ਸਿੰਘ ਬੰਬੀਹਾ, ਤਰਸੇਮ ਨਰੂਲਾ ਅਤੇ ਨਾਹਰ ਸਿੰਘ ਗਿੱਲ ਨੇ ਪੰਜਾਬ ਵਿੱਚ ਪਿਛਲੇ ਲਗਭਗ ਚਾਰ ਸਾਲ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਬੋਰਡ ਤੇ ਕਈ ਹੋਰ ਸਰਕਾਰੀ ਅਦਾਰਿਆਂ ਦੀਆਂ ਜਮੀਨਾਂ ਨੂੰ ਵੇਚਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਲੇਬਰ ਕੋਡ ਵਾਪਿਸ ਕਰਵਾਉਣ, ਮਨਰੇਗਾ ਸਕੀਮ ਦਾ ਪਹਿਲਾਂ ਵਾਲਾ ਵਜੂਦ ਬਹਾਲ ਰੱਖਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦੇ ਲਮਕ ਰਹੇ ਮਸਲੇ ਹੱਲ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ‘ਤੇ 16 ਜਨਵਰੀ ਨੂੰ ਸਾਰੇ ਭਾਰਤ ਵਿੱਚ ਡਿਪਟੀ ਕਮਿਸ਼ਨਰ ਦੇ ਦਫਤਰਾਂ ਦਾ ਘਿਰਾਓ ਕਰਨ ਦੇ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਆਗੂਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਨਾਲ ਕੀਤੇ ਗਏ ਬਹੁਤ ਸਾਰੇ ਵਾਅਦਿਆਂ ਤੋਂ ਸ਼ਰੇਆਮ ਮੁੱਕਰਨ ਦਾ ਦੋਸ਼ ਲਾਇਆ ਜਿਵੇਂ ਕਿ ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਕਰਨਾ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਸੋਧੇ ਤਨਖਾਹ ਸਕੇਲਾਂ ਦਾ ਬਣਦਾ ਬਕਾਇਆ ਯਕਮੁਸ਼ਤ ਨਾ ਦੇਣ, ਮਹਿੰਗਾਈ ਭੱਤੇ ਦੀਆਂ 16 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਪੰਜ ਕਿਸ਼ਤਾਂ ਨਾ ਦੇਣ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਕੀਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਦੀ ਬਜਾਏ ਹੋਰ ਲਮਕਾਉਣਾ ਆਦਿ ਮੁੱਖ ਤੌਰ ਤੇ ਸ਼ਾਮਿਲ ਹਨ। ਇਹ ਵੀ ਫੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਦੋ ਅਧਿਆਪਕਾਂ ਦੇ ਪਰਿਵਾਰਾਂ ਲਈ ਇਨਸਾਫ ਲੈਣ ਵਾਸਤੇ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ 18 ਜਨਵਰੀ ਨੂੰ ਮੋਗਾ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਅਧਿਆਪਕ ਅਤੇ ਪੈਨਸ਼ਨਰ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਨਛੱਤਰ ਸਿੰਘ ਭਾਣਾ, ਗੁਰਦੀਪ ਭੋਲਾ, ਗੁਰਚਰਨ ਸਿੰਘ ਮਾਨ, ਸੁਖਵਿੰਦਰ ਸਿੰਘ ਰਾਮਸਰ,ਅਸ਼ੋਕ ਚਾਵਲਾ ਸੁਪਰਡੈਂਟ, ਜਸਵਿੰਦਰ ਸਿੰਘ ਬਰਾੜ ਸੇਵਾ ਮੁਕਤ ਪੇਂਡੂ ਵਿਕਾਸ ਅਧਿਕਾਰੀ, ਮੇਜਰ ਸਿੰਘ ਡੀ ਪੀ ਈ, ਲੈਕਚਰਾਰ ਮੰਦਰ ਸਿੰਘ, ਤਾਰਾ ਸਿੰਘ, ਗੇਜ ਰਾਮ ਭੌਰਾ, ਜੋਗਿੰਦਰ ਸਿੰਘ ਛਾਬੜਾ, ਕਸ਼ਮੀਰਾ ਸਿੰਘ, ਪਰਮਜੀਤ ਕੌਰ ਔਲਖ, ਜਸਪਾਲ ਸਿੰਘ, ਹਾਕਮ ਸਿੰਘ ਲੈਕਚਰਾਰ ਆਦਿ ਵੀ ਹਾਜ਼ਰ ਸਨ।

