ਕੋਟਕਪੂਰਾ, 16 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖਿਲਾਫ ਆਪਣੇ ਰੋਸ ਅਤੇ ਗੁੱਸੇ ਦਾ ਪ੍ਰਗਟਾਵਾ ਕਰਨ ਲਈ ਅਤੇ ਅਗਲੇ ਐਕਸ਼ਨ ਪ੍ਰੋਗਰਾਮ ਉਲੀਕਣ ਲਈ 17 ਮਈ ਦਿਨ ਐਤਵਾਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਕਨਵੈਨਸ਼ਨ ਦੀਆਂ ਤਿਆਰੀਆਂ ਹਿੱਤ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਇੱਕ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਸਥਿਤ ਪੈਨਸ਼ਨਰ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਇਸ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਵੱਧ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਕਰਾਰ ਦਿੱਤਾ। ਮੀਟਿੰਗ ਦੌਰਾਨ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 8 ਅਪ੍ਰੈਲ ਨੂੰ ਦਿੱਤੇ ਗਏ ਫੈਸਲੇ ਦੇ ਵਿਰੁੱਧ ਪੰਜਾਬ ਸਰਕਾਰ ਵੱਲੋਂ ਐਲ ਪੀ ਏ ਦਾਇਰ ਕਰਨ ਦੀ ਕਾਰਵਾਈ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਦੱਸਦੇ ਹੋਏ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਸੋਮਨਾਥ ਅਰੋੜਾ, ਮਦਨ ਲਾਲ ਸ਼ਰਮਾ ਸੰਧਵਾਂ, ਅਮਰਜੀਤ ਕੌਰ ਛਾਬੜਾ, ਪ੍ਰਿੰਸੀਪਲ ਬਲਵੀਰ ਸਿੰਘ ਬਰਾੜ ਅਤੇ ਕੁਲਜੀਤ ਸਿੰਘ ਬੰਬੀਹਾ ਨੇ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਫੋਕੀ ਇਸ਼ਤਿਹਾਰਬਾਜੀ ਨੇ ਪੰਜਾਬ ਦੇ ਸਰਕਾਰੀ ਖਜ਼ਾਨੇ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਡੀ ਏ ਦੀਆਂ ਬਕਾਇਆ ਪਈਆਂ ਛੇ ਕਿਸਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰਤ ਗਠਨ ਕੀਤਾ ਜਾਵੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਵੱਖ ਵੱਖ ਅਦਾਲਤੀ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਤੁਰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕੀਤੇ ਜਾਣ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋ ਰਹੀ ਸੂਬਾ ਪੱਧਰੀ ਕਨਵੈਨਸ਼ਨ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀ ਏ ਨਹੀਂ ਤਾਂ ਵੋਟ ਨਹੀਂ ਪੁਰਾਣੀ ਪੈਨਸ਼ਨ ਨਹੀਂ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਦਾ ਨਾਹਰਾ ਬੁਲੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਵੱਲੋਂ ਸਾਂਝੇ ਤੌਰ ’ਤੇ 19 ਮਈ ਨੂੰ ਲੇਬਰ ਭਵਨ ਮੋਹਾਲੀ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਵੀ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਇਸ ਗੱਲ ਤੇ ਅਫਸੋਸ ਪ੍ਰਗਟ ਕੀਤਾ ਗਿਆ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਅਜੇ ਤੱਕ ਕਈ ਪੈਨਸ਼ਨਰਾਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਅਦਾ ਨਹੀਂ ਕੀਤੀ ਗਈ। ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਬਾਕੀ ਰਹਿੰਦੇ ਸਾਰੇ ਪੈਨਸ਼ਨਰਾਂ ਨੂੰ ਪੈਨਸ਼ਨ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਸੁਖਮੰਦਰ ਸਿੰਘ ਰਾਮਸਰ, ਗੇਜ ਰਾਮ ਭੌਰਾ, ਰਮੇਸ਼ਵਰ ਸਿੰਘ ਸੁਪਰਡੈਂਟ, ਹਰਦੇਵ ਸਿੰਘ ਗਿੱਲ, ਜਸਪਾਲ ਸਿੰਘ, ਮੇਜਰ ਸਿੰਘ ਡੀਪੀਈ, ਰੰਜੀਵ ਕੌਸ਼ਲ ਅਤੇ ਪੂਰਨ ਸਿੰਘ ਸੰਧਵਾਂ ਸਿਹਤ ਵਿਭਾਗ, ਗੁਲਵੰਤ ਸਿੰਘ ਔਲਖ, ਜੋਗਿੰਦਰ ਸਿੰਘ ਛਾਬੜਾ ਅਤੇ ਪਰਮਿੰਦਰ ਸਿੰਘ ਜਟਾਣਾ ਆਦਿ ਹਾਜ਼ਰ ਸਨ।

