ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਬਕਾਏ ਕਢਵਾਉਣ ਅਤੇ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਨਿਪਟਾਰਾ ਕਰਨਾ ਦੀ ਕੀਤੀ ਮੰਗ
ਕੋਟਕਪੂਰਾ, 10 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਰੋਡਵੇਜ਼ ਵਿੱਚੋਂ ਵੱਖ ਵੱਖ ਆਸਾਮੀਆਂ ਤੋਂ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾਮੁਕਤ ਹੋਏ ਪੈਨਸ਼ਨਰਾਂ ਅਤੇ ਮੌਜੂਦਾ ਸਮੇਂ ਦੌਰਾਨ ਕੰਮ ਕਰਦੇ ਮੁਲਾਜ਼ਮਾਂ ਦੇ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਬਣਦੇ ਬਕਾਏ ਕਢਵਾਉਣ ਅਤੇ ਲਮਕ ਅਵਸਥਾ ਵਿੱਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਨਿਪਟਾਰਾ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਇੱਕ ਮੰਗ ਪੱਤਰ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਦੇ ਨਾਂ ਦਿੱਤਾ ਗਿਆ। ਮੰਗ ਪੱਤਰ ਵਿੱਚ ਕਿਹਾ ਗਿਆ ਕਿ ਪੰਜਾਬ ਰੋਡਵੇਜ਼ ਵਿੱਚੋਂ ਵੱਖ ਵੱਖ ਆਸਾਮੀਆਂ ਤੋਂ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾ ਮੁਕਤ ਹੋਏ ਪੈਨਸ਼ਨਰਾਂ ਅਤੇ ਮੌਜੂਦਾ ਸਮੇਂ ਦੌਰਾਨ ਕੰਮ ਕਰਦੇ ਮੁਲਾਜ਼ਮਾਂ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਬਣਦੇ ਬਕਾਏ ਦੇਣ ਸਬੰਧੀ ਅਜੇ ਤੱਕ ਕੋਈ ਵੀ ਕਾਰਵਾਈ ਨਾ ਹੋਣ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਵਿਆਪਕ ਰੋਸ ਹੈ, ਜਦਕਿ ਇਸ ਕਿਸ਼ਤ ਦੀ ਅਦਾਇਗੀ ਮਹੀਨਾ ਅਪ੍ਰੈਲ 2026 ਤੋਂ ਕੀਤੀ ਜਾਣੀ ਸੀ। ਹੁਣ ਮਈ ਮਹੀਨਾ ਵੀ ਬੀਤ ਚੁੱਕਾ ਹੈ ਅਤੇ ਚੱਲ ਰਹੇ ਜੂਨ ਮਹੀਨੇ ਵਿੱਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਤਿੰਨ ਕਿਸ਼ਤਾਂ ਦੀ ਅਦਾਇਗੀ ਕਰਨੀ ਬਾਕੀ ਹੋ ਗਈ ਹੈ। ਮੰਗ ਪੱਤਰ ਵਿੱਚ ਅਧਿਕਾਰੀ ਤੋਂ ਮੰਗ ਕੀਤੀ ਗਈ ਕਿ ਇਹ ਅਦਾਇਗੀ ਤੁਰੰਤ ਕੀਤੀ ਜਾਵੇ ਅਤੇ ਵੱਖ-ਵੱਖ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਲਮਕ ਅਵਸਥਾ ਵਿੱਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ, ਕ੍ਰਿਸ਼ਨ ਕੁਮਾਰ, ਬ੍ਰਿਜ ਲਾਲ, ਪ੍ਰੇਮ ਚੰਦ, ਪੂਰਨ ਕੁਮਾਰ, ਬਲਦੇਵ ਸਿੰਘ, ਸੁਖਜਿੰਦਰ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਨਛੱਤਰ ਸਿੰਘ, ਸ਼ਮਿੰਦਰ ਸਿੰਘ, ਭਜਨ ਸਿੰਘ, ਜਗਦੀਪ ਸਿੰਘ ਅਤੇ ਅੰਗਰੇਜ਼ ਸਿੰਘ ਲੁਹਾਰਾ ਆਦਿ ਵੀ ਹਾਜ਼ਰ ਸਨ।

