ਰਾਮਪੁਰਾ ਵਿਖੇ ਬਠਿੰਡਾ, ਮਾਨਸਾ ਤੇ ਬਰਨਾਲਾ ਦੇ ਵਪਾਰ ਵਿੰਗ ਅਤੇ ਟਰੇਡ ਕਮਿਸ਼ਨ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਦੀ ਕੀਤੀ ਅਗਵਾਈ
ਵਪਾਰੀਆਂ ਦਾ ਸਨਮਾਨ, ਨਸ਼ਾ ਮੁਕਤ ਫ਼ਰੀਦਕੋਟ, ਬਿਹਤਰ ਸਿਹਤ ਸੇਵਾਵਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਮੇਰੀ ਪਹਿਲ : ਅਰਸ਼ ਸੱਚਰ
ਫ਼ਰੀਦਕੋਟ, 17 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਰਸ਼ ਸੱਚਰ ਵੱਲੋਂ ਮਿਸ਼ਨ 2027 ਦੇ ਮੱਦੇਨਜ਼ਰ ਸੰਗਠਨ ਦੀ ਮਜ਼ਬੂਤੀ, ਵਪਾਰੀਆਂ ਦੇ ਹਿੱਤਾਂ ਅਤੇ ਲੋਕ ਸੇਵਾ ਨੂੰ ਲੈ ਕੇ ਸੂਬਾ ਪੱਧਰ ’ਤੇ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਰਾਮਪੁਰਾ ਵਿਖੇ ਵਪਾਰ ਵਿੰਗ ਅਤੇ ਟਰੇਡ ਕਮਿਸ਼ਨ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਅਰਸ਼ ਸੱਚਰ ਦੀ ਅਗਵਾਈ ਹੇਠ ਹੋਈ। ਇਸ ਵਿੱਚ ਬਠਿੰਡਾ, ਮਾਨਸਾ, ਬਰਨਾਲਾ ਸਮੇਤ ਵੱਖ-ਵੱਖ ਇਲਾਕਿਆਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ, ਸੰਗਠਨ ਦੇ ਵਿਸਥਾਰ, ਸਰਕਾਰ ਨਾਲ ਬਿਹਤਰ ਤਾਲਮੇਲ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਰਸ਼ ਸੱਚਰ ਨੇ ਕਿਹਾ ਕਿ ਸਿਆਸਤ ਦਾ ਅਸਲ ਮਕਸਦ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਲੋਕਾਂ ਦਾ ਵਿਸ਼ਵਾਸ ਜਿੱਤ ਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਲਗਾਤਾਰ ਪੈਰਵੀ ਕਰਨਾ ਵੀ ਜ਼ਰੂਰੀ ਹੈ। ਮਿਸ਼ਨ 2027 ਤਹਿਤ ਫ਼ਰੀਦਕੋਟ ਲਈ ਆਪਣਾ ਵਿਜ਼ਨ ਸਪੱਸ਼ਟ ਕਰਦਿਆਂ ਅਰਸ਼ ਸੱਚਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਠੋਸ ਕਾਰਵਾਈ, ਸਰਕਾਰੀ ਹਸਪਤਾਲਾਂ ਵਿੱਚ ਬਿਹਤਰ ਸਿਹਤ ਸਹੂਲਤਾਂ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਵਪਾਰੀਆਂ ਨੂੰ ਸਨਮਾਨਜਨਕ ਮਾਹੌਲ ਅਤੇ ਸ਼ਹਿਰ ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਉਹ ਪਹਿਲਾਂ ਵੀ ਲਗਾਤਾਰ ਯਤਨਸ਼ੀਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਮੁਹਿੰਮ ਹੋਰ ਮਜ਼ਬੂਤੀ ਨਾਲ ਜਾਰੀ ਰਹੇਗੀ। “ਮੇਰੇ ਲਈ ਮਿਸ਼ਨ 2027 ਸਿਰਫ਼ ਵਿਧਾਇਕ ਬਣਨ ਦਾ ਟੀਚਾ ਨਹੀਂ, ਸਗੋਂ ਫ਼ਰੀਦਕੋਟ ਦੇ ਹਰ ਪਰਿਵਾਰ ਦੀਆਂ ਉਮੀਦਾਂ, ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦਿਵਾਉਣ ਪ੍ਰਤੀ ਮੇਰੀ ਵਚਨਬੱਧਤਾ ਹੈ। ਮੇਰੀ ਇੱਛਾ ਹੈ ਕਿ ਲੋਕ ਮੈਨੂੰ ਮੇਰੇ ਅਹੁਦੇ ਨਾਲ ਨਹੀਂ, ਸਗੋਂ ਮੇਰੇ ਕੰਮ ਨਾਲ ਪਛਾਣਨ।” ਅਰਸ਼ ਸੱਚਰ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਪਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਸਾਰੇ ਅਹੁਦੇਦਾਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਠਨ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਹਰ ਹਲਕੇ ਦੇ ਬਾਜ਼ਾਰਾਂ ਅਤੇ ਵਪਾਰਕ ਅਦਾਰਿਆਂ ਤੱਕ ਪਹੁੰਚ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਰਿਕਾਰਡ ਤਿਆਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਲਈ ਸਭ ਤੋਂ ਮਜ਼ਬੂਤ ਆਧਾਰ ਲੋਕਾਂ ਦਾ ਭਰੋਸਾ, ਸੰਗਠਨ ਦੀ ਇਕਜੁੱਟਤਾ ਅਤੇ ਜ਼ਮੀਨੀ ਪੱਧਰ ’ਤੇ ਕੀਤੀ ਲੋਕ ਸੇਵਾ ਹੋਵੇਗੀ। ਮੀਟਿੰਗ ਦੇ ਅੰਤ ਵਿੱਚ ਸਾਰੇ ਅਹੁਦੇਦਾਰਾਂ ਨੇ ਆਪਸੀ ਤਾਲਮੇਲ ਵਧਾਉਣ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨ ਕਰਨ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ। ਅਰਸ਼ ਸੱਚਰ ਨੇ ਅੰਤ ਵਿੱਚ ਕਿਹਾ ਕਿ ਫ਼ਰੀਦਕੋਟ ਮੇਰੀ ਕਰਮਭੂਮੀ ਹੈ। ਇੱਥੋਂ ਦੇ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਆਸ਼ੀਰਵਾਦ ਹੀ ਮੇਰੀ ਅਸਲ ਤਾਕਤ ਹੈ। ਮੇਰਾ ਸੰਕਲਪ ਹੈ ਕਿ ਫ਼ਰੀਦਕੋਟ ਨੂੰ ਨਸ਼ਾ ਮੁਕਤ, ਸਿਹਤਮੰਦ, ਖੁਸ਼ਹਾਲ ਅਤੇ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਲਈ ਹਰ ਸੰਭਵ ਯਤਨ ਕਰਾਂ।

