ਫਰੀਦਕੋਟ ਸ਼ਹਿਰ ਦੇ ਬਾਜ਼ਾਰਾਂ ਵਿੱਚ ਕੀਤਾ ਜਾਵੇਗਾ ਮੋਟਰ ਸਾਈਕਲ ਅਤੇ ਸਕੂਟਰ ਮਾਰਚ
ਕੋਟਕਪੂਰਾ, 28 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਸਾਂਝੇ ਤੌਰ ’ਤੇ ਮਨਾਉਣ ਦੇ ਕੀਤੇ ਗਏ ਫੈਸਲੇ ਨੂੰ ਲਾਗੂ ਕਰਦੇ ਹੋਏ ਫਰੀਦਕੋਟ ਜ਼ਿਲ੍ਹੇ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ 1 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ ਠੀਕ 10 ਵਜੇ ਦਰਬਾਰ ਗੰਜ ਰੈਸਟ ਹਾਊਸ ਫਰੀਦਕੋਟ ਵਿਖੇ ਸਾਂਝੇ ਤੌਰ ਤੇ ਮਨਾਇਆ ਜਾ ਰਿਹਾ ਹੈ। ਇਸ ਐਕਸ਼ਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਵੱਖ ਵੱਖ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਅਪਣਾਈਆਂ ਜਾ ਰਹੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਨੀਤੀਆਂ ਦਾ ਤੁਰੰਤ ਤਿਆਗ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਤੁਰਤ ਹੱਲ ਕੀਤੇ ਜਾਣ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂ ਪ੍ਰੇਮ ਚਾਵਲਾ, ਜਤਿੰਦਰ ਕੁਮਾਰ, ਇੰਦਰਜੀਤ ਸਿੰਘ ਖੀਵਾ, ਸਿਮਰਜੀਤ ਸਿੰਘ ਬਰਾੜ, ਕੁਲਵੰਤ ਸਿੰਘ ਚਾਨੀ, ਨਵਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਪ੍ਰਿੰਸੀਪਲ ਕ੍ਰਿਸ਼ਨ ਲਾਲ ਬਕੌਲੀਆ, ਹਰਪ੍ਰੀਤ ਸਿੰਘ, ਬਲਵਿੰਦਰ ਰਾਮ ਸ਼ਰਮਾ, ਇੰਦਰਜੀਤ ਸਿੰਘ ਗਿੱਲ ਪਾਵਰਕੌਮ ਕਾਰਪੋਰੇਸ਼ਨ, ਵੀਰਇੰਦਰਜੀਤ ਸਿੰਘ ਪੁਰੀ ਅਤੇ ਸਰਬਜੀਤ ਕੌਰ ਮਚਾਕੀ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਕਾਰਪੋਰੇਟ ਪੱਖੀ ਨੀਤੀਆ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਹਨਾਂ ਨੀਤੀਆਂ ਨੂੰ ਸਮੁੱਚੇ ਕਿਰਤੀ ਵਰਗ, ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਦੱਸਿਆ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 1 ਮਈ ਨੂੰ ਸਾਂਝੀ ਰੈਲੀ ਕਰਨ ਉਪਰੰਤ ਫਰੀਦਕੋਟ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਮੋਟਰ ਸਾਈਕਲ ਤੇ ਸਕੂਟਰ ਮਾਰਚ ਕੀਤਾ ਜਾਵੇਗਾ। ਮੀਟਿੰਗ ਵਿੱਚ ਸਮੁੱਚੇ ਐਕਸ਼ਨ ਦੇ ਸਾਰੇ ਪ੍ਰਬੰਧ ਕਰਨ ਲਈ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਛੇ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਮਿਤੀ 8 ਅਪ੍ਰੈਲ 2026 ਦਾ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਸਮੂਹ ਠੇਕਾ ਆਧਾਰਤ, ਆਊਟਸੋਰਸ ਵਰਕਚਾਰਜ ਕਾਮਿਆਂ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਆਦਿ ਮੰਗਾਂ ਤੁਰੰਤ ਪ੍ਰਵਾਨ ਕਰਕੇ ਲਾਗੂ ਕੀਤੀਆਂ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਆਗੂ ਸੰਤ ਸਿੰਘ ਮੁੱਖ ਅਧਿਆਪਕ, ਗੁਰਚਰਨ ਸਿੰਘ ਮਾਨ, ਸੋਮ ਨਾਥ ਅਰੋੜਾ, ਸੁਖਮੰਦਰ ਸਿੰਘ ਗਿੱਲ ਪੀ ਆਰ ਟੀ ਸੀ, ਅਮਰਜੀਤ ਸਿੰਘ ਵਾਲੀਆ, ਨਰਿੰਦਰ ਸਿੰਘ ਟੀ ਐਸ ਯੂ, ਸ਼ਿਵ ਨਾਥ ਦਰਦੀ ਸਕਿਉਰਟੀ ਗਾਰਡ ਮੁਲਾਜ਼ਮ ਆਗੂ, ਇੰਜਨੀਅਰ ਜੀਤ ਸਿੰਘ, ਸੁਖਦੇਵ ਸਿੰਘ ਬੀ ਪੀ ਈ ਓ, ਬਿਸ਼ਨ ਕੁਮਾਰ ਅਰੋੜਾ, ਉਪਿੰਦਰ ਸਿੰਘ, ਮੱਘਰ ਸਿੰਘ ਅਤੇ ਗੁਰਦੇਵ ਸਿੰਘ ਆਦਿ ਆਗੂ ਹਾਜਰ ਸਨ।

Leave a Reply