
ਕੋਟਕਪੂਰਾ, 9 ਜੁਲਾਈ (ਟਿੰਕੂ ਕੁਮਾਰ /ਵਰਲਡ ਪੰਜਾਬੀ ਟਾਈਮਜ਼)
ਅੱਜ ਫਰੀਦਕੋਟ ਵਿਖੇ ਡੀ.ਟੀ.ਐਫ. ਫਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਖਜ਼ਾਨਾ ਦਫ਼ਤਰ ਦੇ ਬਾਹਰ ਸਰਕਾਰ ਵੱਲੋਂ ਅਣ-ਐਲਾਨੀ ਵਿੱਤੀ ਐਮਰਜੈਂਸੀ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਮਾਲੀਏ ਵਿੱਚ ਵੱਡੇ ਵਾਧੇ ਦੇ ਦਮਗਜੇ ਮਾਰੇ ਜਾ ਰਹੇ ਹਨ, ਸੂਬੇ ਦੇ ਖਜ਼ਾਨੇ ਦੀ ਵਿੱਤੀ ਹਾਲਤ ਮਜ਼ਬੂਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਅਤੇ ਸਿੱਖਿਆ ਵਿਭਾਗ ’ਚੋਂ ਸੇਵਾਮੁਕਤ ਹੋਏ ਅਧਿਆਪਕ ਆਪਣੀ ਸੇਵਾ ਮੁਕਤੀ ਦੇ ਲਾਭ ਲੈਣ ਲਈ ਤਰਸ ਰਹੇ ਹਨ। ਜਨਰਲ ਸਕੱਤਰ ਗਗਨ ਪਾਹਵਾ ਨੇ ਪੰਜਾਬ ਸਰਕਾਰ ਦੀ ਵਿੱਤੀ ਐਮਰਜੈਂਸੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਆਰ.ਬੀ.ਆਈ. ਤੋਂ 8500 ਕਰੋੜ ਦਾ ਕਰਜਾ ਲੈਣ ਵਾਲੀ ਸੂਬਾ ਸਰਕਾਰ ਇਸ ਤੋਂ ਬਿਨਾਂ ਹਰ ਮਹੀਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੋਂ ਵਿਕਾਸ ਟੈਕਸ ਦੇ ਨਾਮ ਤੇ 200 ਰੁਪਏ ਪ੍ਰਤੀ ਮਹੀਨਾ ਜਜੀਏ ਦੀ ਉਗਰਾਹੀ ਕਰਨ ਦੇ ਬਾਵਜੂਦ ਵੀ ਵਿੱਤੀ ਮੁਹਾਜ਼ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਫੋਕੀ ਇਸ਼ਤਿਹਾਰਬਾਜ਼ੀ ਦੇ ਸਹਾਰੇ ਵਾਹ-ਵਾਹ ਖੱਟਣ ਵਾਲੀ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 31 ਮਾਰਚ 30 ਅਪ੍ਰੈਲ ਅਤੇ 31 ਮਈ ਨੂੰ ਸੇਵਾਮੁਕਤ ਹੋਏ ਅਧਿਆਪਕਾਂ ਨੂੰ ਸਰਕਾਰੀ ਖਜ਼ਾਨੇ ’ਚੋਂ ਫੁੱਟੀ ਕੌਡੀ ਵੀ ਜਾਰੀ ਨਹੀਂ ਕੀਤੀ ਗਈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ, ਵਿੱਤ ਸਕੱਤਰ ਪ੍ਰਦੀਪ ਸਿੰਘ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਲਗਾਤਾਰ ਸੰਘਰਸ਼ ਕਰਨ ਦੀ ਪੈਰਵਾਈ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ ਹਾਲੇ ਤੱਕ ਸਾਰੇ ਅਧਿਆਪਕਾਂ ਨੂੰ ਜੂਨ ਮਹੀਨੇ ਦੀ ਤਨਖਾਹ ਵੀ ਜਾਰੀ ਨਹੀਂ ਕੀਤੀ ਗਈ। ਅਧਿਆਪਕਾਂ ਨੂੰ ਤਨਖਾਹਾਂ ਲੈਣ ਲਈ ਵੀ ਖੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਡੀਕਲ ਪ੍ਰਤੀਪੂਰਤੀ, ਜੀ.ਪੀ.ਐੱਫ. ਫਾਈਨਲ ਪੇਮੈਟ, ਜੀ.ਪੀ.ਐੱਫ. ਐਡਵਾਂਸ, ਇੱਥੋਂ ਤੱਕ ਕਿ ਮੌਤ ਹੋਣ ਦੀ ਹਾਲਤ ਵਿੱਚ ਦਿੱਤੀ ਜਾਣ ਵਾਲੀ ਐਕਸਗਰੇਸ਼ੀਆ ਦੇ ਬਿੱਲ ਵੀ ਖਜ਼ਾਨਾ ਦਫਤਰਾਂ ਵਿਚ ਰੁਲ ਰਹੇ ਹਨ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਜਲਦੀ ਜਾਰੀ ਨਹੀਂ ਕਰਦੀ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਕਮੇਟੀ ਮੈਂਬਰ ਅਜਾਇਬ ਸਿੰਘ, ਕੁਲਦੀਪ ਸਿੰਘ ਘਣੀਆ, ਮਦਨ ਲਾਲ, ਦਿਲਬਾਗ ਸਿੰਘ ਬਰਾੜ, ਜਸਪ੍ਰੀਤ ਸਿੰਘ ਸੰਧੂ, ਸਵਰਨਪਾਲ ਸਿੰਘ, ਗੁਰਸੇਵਕ ਸਿੰਘ, ਲਵਕਰਨ ਸਿੰਘ ਸਮੇਤ ਹੋਰ ਅਧਿਆਪਕ ਆਗੂ ਵੀ ਹਾਜ਼ਰ ਸਨ।