1 ਫਰਵਰੀ ਨੂੰ ਕੇਜਰੀਵਾਲ ਖਿਲਾਫ਼ ਦਿੱਲੀ ਦੇ ਬਜਾਰਾਂ ’ਚ ਕਰਨਗੇ ਪੋਲ ਖੋਲ ਪ੍ਰਦਰਸ਼ਨ : ਸ਼ਰਮਾ
ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਭਰ ਵਿੱਚ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ਉੱਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾ ਮੈਡੀਕਲ ਅਤੇ ਦਫਤਰੀ ਸਿਹਤ ਕਾਮੇ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ ਪਰ ਪਿਛਲੇ ਤਿੰਨ ਸਾਲਾਂ ਤੋਂ ਐਨ.ਐਚ.ਐਮ ਇੰਪਲਾਈਜ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀਆਂ ਪੰਜਾਬ ਸਰਕਾਰ ਨਾਲ ਮੀਟਿੰਗ ਹੋਈਆਂ 28-29 ਮੀਟਿੰਗਾਂ ਸਿਰਫ ਜੁਬਾਨੀ ਲਾਰੇਬਾਜੀ ਸਾਬਿਤ ਹੋਈਆਂ। ਸੂਬਾਈ ਆਗੂਆਂ ਵੱਲੋਂ ਪੰਜਾਬ ਸਰਕਾਰ ਤੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਲਗਪਗ ਤਿੰਨ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਜਾਇਜ਼ ਮੰਗ ਪੂਰੀ ਨਹੀਂ ਕੀਤੀ। ਜਿਸ ਕਰਕੇ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੀ ਹੋਈ ਆਨਲਾਈਨ ਜੂਮ ਮੀਟਿੰਗ ਤੋਂ ਬਾਅਦ ਪੰਜਾਬ ਦੇ ਸਮੂਹ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਫਰਵਰੀ ਮਹੀਨੇ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹੋਏ ਪੋਲ ਖੋਲ ਰੈਲੀਆਂ ਕਰਕੇ ਪਰਚੇ ਵੰਡੇ ਜਾਣਗੇ। ਵਿਰੋਧ ਪ੍ਰਦਰਸ਼ਨਾਂ ਦੀ ਲੜੀ ਦੇ ਪਹਿਲੇ ਪੜਾਅ ’ਤੇ ਮਿਤੀ 01 ਫ਼ਰਵਰੀ 2025 ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਿਧਾਨ ਸਭਾ ਹਲਕਾ ਨਵੀਂ ਦਿੱਲੀ ਤੋਂ ਪੋਲ ਖੋਲ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਐਨ.ਐਚ.ਐਮ. ਇੰਪਲਾਇਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਵਾਹਿਦ ਮਾਲੇਰਕੋਟਲਾ ਅਤੇ ਸੂਬਾ ਜਨਰਲ ਸਕੱਤਰ ਗੁਲਸ਼ਨ ਸ਼ਰਮਾ ਫਰੀਦਕੋਟ ਨੇ ਦਿੱਤੀ। ਇਸ ਮੌਕੇ ਸੀਨੀਅਰ ਆਗੂਆਂ ਕਿਰਨਜੀਤ ਕੌਰ ਮੁਹਾਲੀ, ਸੰਦੀਪ ਕੌਰ ਬਰਨਾਲਾ ਅਤੇ ਹਰਪਾਲ ਸਿੰਘ ਸੋਢੀ ਫਤਿਹਗੜ੍ਹ ਸਾਹਿਬ ਨੇ ਕਿਹਾ ਕਿ ਸਾਡੇ ਗੁਆਂਢੀ ਸੂਬੇ ਹਰਿਆਣਾ ਵੱਲੋਂ 2017 ਤੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਸਰਵਿਸ ਬਾਏ ਲਾਅਜ਼ ਬਣਾ ਕੇ ਰੈਗੂਲਰ ਪੇਅ ਸਕੇਲ, ਪੇਅ ਕਮਿਸ਼ਨ, ਡੀ.ਏ. ਅਤੇ ਮੈਡੀਕਲ ਰੀਬਰਸਮੈਂਟ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਐਨ.ਐਚ.ਐਮ. ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਰੈਗੂਲਰਾਈਜੇਸ਼ਨ, ਹਰਿਆਣਾ ਦੀ ਤਰਜ ਤੇ ਬਾਏ ਲਾਅਜ਼ ਬਣਾ ਕੇ ਮੌਜੂਦਾ ਤਨਖਾਹਾਂ ਵਿੱਚ ਵਾਧਾ ਕਰਨਾ, ਲਾਇਲਟੀ ਬੋਨਸ, ਲੀਵ ਪਾਲਿਸੀ ਤਹਿਤ ਕਮਾਊਂ ਛੁੱਟੀ, ਗ੍ਰੈਚਇਟੀ ਆਦਿ ਹਨ। ਇਸ ਮੌਕੇ ਤੇਜਿੰਦਰ ਕੌਰ ਅਤੇ ਸੰਦੀਪ ਕੁਮਾਰ ਸੀਨੀਅਰ ਆਗੂ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਦੀਆਂ ਜਾਇਜ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਕੇ ਬਣਦਾ ਮਾਣ ਸਨਮਾਨ ਬਹਾਲ ਕੀਤਾ ਜਾਵੇ ਅਤੇ ਇਸ ਮੌਕੇ ਗੁਲਸ਼ਨ ਸ਼ਰਮਾਂ ਸੂਬਾਈ ਆਗੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਥਾਂ ਯੂਨੀਅਨ ਆਗੂਆਂ ਨਾਲ ਪੈਨਲ ਮੀਟਿੰਗਾਂ ਕਰਨ ਤੋਂ ਭੱਜਦੀ ਦਿਖਾਈ ਦੇ ਰਹੀ ਹੈ। ਜਿਸ ਕਰਕੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਯੂਨੀਅਨ ਦੇ ਹੋਰ ਵੱਖ-ਵੱਖ ਆਗੂਆ ਵੱਲੋਂ ਵੀ ਸੰਬੋਧਨ ਕੀਤਾ ਗਿਆ।