ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਅੱਜ ਅਤੇ ਭਲਕ ਬਜਟ ਦੀਆਂ ਕਾਪੀਆਂ ਫੂਕਣ ਦਾ ਕੀਤਾ ਐਲਾਨ
ਕੋਟਕਪੂਰਾ, 28 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਖਜ਼ਾਨਾਂ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਦੇ ਪੇਸ਼ ਕੀਤੇ ਗਏ ਚੌਥੇ ਬਜਟ ਵਿੱਚ ਪੰਜਾਬ ਦੇ ਸੱਤ ਲੱਖ ਮੁਲਾਜਮਾਂ, ਪੈਨਸ਼ਨਰਾਂ, ਕੱਚੇ, ਠੇਕਾ ਅਤੇ ਆਊਟ ਸੋਰਸ਼ ਮੁਲਾਜਮਾਂ, ਸਕੀਮ ਵਰਕਰਾਂ ਜਿਵੇਂ ਕਿ ਆਸ਼ਾ ਵਰਕਰਾਂ, ਆਂਗਨਵਾੜੀ ਅਤੇ ਮਿੱਡ ਡੇਅ ਮੀਲ ਵਰਕਰਾਂ ਦੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰੀਆਂ ਕਰਨ ਬਾਰੇ ਕੋਈ ਵੀ ਜਿਕਰ ਨਹੀਂ ਕੀਤਾ ਗਿਆ ਸਿਰਫ ਅੰਕੜਿਆਂ ਦੀ ਖੇਡ ਖੇਡੀ ਗਈ ਹੈ। ਪੰਜਾਬ ਸੁਬਰਾਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ, ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਚੌਥੇ ਬਜਟ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਵੱਖ ਵੱਖ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਦਰਸ਼ਨ ਸਿੰਘ ਲੁਬਾਣਾ, ਰਣਜੀਤ ਸਿੰਘ ਰਾਣਵਾਂ,ਚਰਨ ਸਿੰਘ ਸਰਾਭਾ, ਜਸਵਿੰਦਰ ਪਾਲ ਉੱਘੀ, ਸੁਰਿੰਦਰ ਕੁਮਾਰ ਪੁਆਰੀ, ਜਗਦੀਸ਼ ਸਿੰਘ ਚਾਹਲ, ਪ੍ਰੇਮ ਚਾਵਲਾ, ਕਰਤਾਰ ਸਿੰਘ ਪਾਲ, ਅਮਰਜੀਤ ਕੌਰ ਰਣ ਸਿੰਘ ਵਾਲਾ, ਬਲਵੀਰ ਕੌਰ ਗਿੱਲ ਅਤੇ ਦੁਰਗੋ ਬਾਈ ਆਦਿ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਵਿੱਤ ਮੰਤਰੀ ਪੰਜਾਬ ਆਪਣੇ ਬਜਟ ਭਾਸ਼ਨ ਵਿੱਚ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰੀ ਮਸ਼ੀਨਰੀ ਦੀ ਰੀੜ ਦੀ ਹੱਡੀ ਕਹਿ ਰਹੇ ਹਨ ਤੇ ਦੂਸਰੇ ਪਾਸੇ ਇਸ ਰੀੜ ਦੀ ਹੱਡੀ ਨੂੰ ਖੁਦ ਹੀ ਤੋੜਨ ਦਾ ਕਾਰਜ ਕਰ ਰਹੇ ਹਨ। ਆਗੂਆਂ ਨੇ ਦੋਸ਼ ਲਾਇਆ ਵਿੱਤ ਮੰਤਰੀ ਪੰਜਾਬ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਕੀਤਾ ਗਿਆ ਇਕਰਾਰਨਾਮਾਂ ਅੱਜ ਤੱਕ ਕਿਉਂ ਦਿਖਾਈ ਨਹੀਂ ਦਿੱਤਾ ? ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਮੇਂ ਕੇਂਦਰ ਅਤੇ ਹੋਰ ਕਈ ਰਾਜਾਂ ਨਾਲੋਂ 11 ਫੀਸਦੀ ਡੀ ਏ ਘੱਟ ਲੈ ਰਹੇ ਹਨ, ਛੇਵੇਂ ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਪੰਜਾਬ ਸਰਕਾਰ ਨੇ ਲੀਰੋ ਲੀਰ ਕਰਕੇ ਰੱਖ ਦਿੱਤਾ ਹੈ, ਸਕੀਮ ਵਰਕਰਾਂ ਨਾਲ ਕੀਤਾ ਗਿਆ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਰੈਗੂਲਰ ਨਹੀਂ ਕੀਤਾ ਗਿਆ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 27-28 ਮਾਰਚ ਨੂੰ ਪੰਜਾਬ ਭਰ ਵਿੱਚ ਵੱਖ ਵੱਖ ਤਹਿਸੀਲ ਅਤੇ ਜ਼ਿਲਾ ਹੈਡ ਕੁਆਰਟਰਾਂ ਅੱਗੇ ਇਸ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਸਾੜਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

