ਕੋਟਕਪੂਰਾ, 20 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਫਰੀਦਕੋਟ ਦੀਆਂ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਪਾਰਟੀ ਵਿੱਚ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਇਤਿਹਾਸਕ ਅਸਥਾਨ ਟਿੱਲਾ ਬਾਬਾ ਫਰੀਦ ਵਿਖੇ ਸਥਿਤ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਸ਼ੁਕਰਾਨੇ ਦੀ ਅਰਦਾਸ ਕਰਵਾਈ ਗਈ। ਇਹ ਅਰਦਾਸ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਦੀ ਵਿਸ਼ੇਸ਼ ਹਾਜ਼ਰੀ ਵਿੱਚ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਕੱਤਰ ਸੋਸ਼ਲ ਮੀਡੀਆ ਮਨਜੀਤ ਸ਼ਰਮਾ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਵੱਲੋਂ ਬੀਬੀ ਰਮਨਪ੍ਰੀਤ ਕੌਰ ਨੂੰ ਜ਼ਿਲ੍ਹਾ ਸਕੱਤਰ ਅਤੇ ਬੀਬੀ ਰਣਜੀਤ ਕੌਰ ਮਾਨ ਨੂੰ ਹਲਕਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਮਹਿਲਾ ਵਿੰਗ ਦੀਆਂ ਸਾਰੀਆਂ ਭੈਣਾਂ ਨੇ ਇਕੱਠੇ ਹੋ ਕੇ ਗੁਰੂ ਘਰ ਹਾਜ਼ਰੀ ਭਰੀ।ਮਨਜੀਤ ਸ਼ਰਮਾ ਨੇ ਦੱਸਿਆ ਕਿ ਅਰਦਾਸ ਦੌਰਾਨ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਮਹਿਲਾ ਵਰਕਰ ਅਤੇ ਪਾਰਟੀ ਦੇ ਹੋਰ ਸੀਨੀਅਰ ਅਹੁਦੇਦਾਰ ਭੈਣ-ਭਰਾ ਸ਼ਾਮਿਲ ਹੋਏ। ਸਾਰਿਆਂ ਨੇ ਸਾਂਝੇ ਤੌਰ ‘ਤੇ ਪੰਜਾਬ ਦੀ ਚੜ੍ਹਦੀਕਲਾ ਅਤੇ ਨਵੀਆਂ ਅਹੁਦੇਦਾਰ ਬੀਬੀਆਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਹਾਜ਼ਰ ਆਗੂਆਂ ਨੇ ਪਾਰਟੀ ਹਾਈਕਮਾਂਡ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਹਨਤੀ ਬੀਬੀਆਂ ਨੂੰ ਅੱਗੇ ਲਿਆਉਣ ਨਾਲ ਫਰੀਦਕੋਟ ਜ਼ਿਲ੍ਹੇ ਵਿੱਚ ਪਾਰਟੀ ਜਥੇਬੰਦੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ।

