ਈਮੇਲ ਮਿਲਦੇ ਹੀ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ
ਫਰੀਦਕੋਟ, 19 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਦੇ ਮਿੰਨੀ ਸਕੱਤਰੇਤ ਸਥਿੱਤ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੀਤੇ ਕੱਲ ਦੁਪਹਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਵਿੱਚ ਹੜਕੰਪ ਮਚ ਗਿਆ। ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਐਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਪਰਿਸਰ ਵਿੱਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਕਥਿਤ ਤੌਰ ’ਤੇ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ’ਤੇ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਈਮੇਲ ਮਿਲਣ ਤੋਂ ਤੁਰਤ ਬਾਅਦ ਪੁਲਿਸ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ। ਏਹਤਿਆਤ ਵਜੋਂ ਪੁਲਿਸ ਨੇ ਦਫ਼ਤਰ ਵਿੱਚ ਮੌਜੂਦ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਬਾਹਰ ਕੱਢ ਕੇ ਪੂਰੇ ਪਰਿਸਰ ਦੀ ਜਾਂਚ ਸ਼ੁਰੂ ਕਰ ਦਿੱਤੀ। ਸਰਚ ਆਪ੍ਰੇਸ਼ਨ ਦੌਰਾਨ ਐਂਟੀ-ਸੈਬੋਟਾਜ ਟੀਮ ਅਤੇ ਡੌਗ ਸਕੁਐਡ ਦੀ ਮਦਦ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਦੀ ਇਮਾਰਤ, ਆਸ-ਪਾਸ ਦੇ ਇਲਾਕੇ ਅਤੇ ਹੋਰ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਹਾਲਾਂਕਿ, ਤਲਾਸ਼ੀ ਦੌਰਾਨ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਇਸ ਸਬੰਧੀ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਈਮੇਲ ਰਾਹੀਂ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਤੁਰਤ ਕਾਰਵਾਈ ਕਰਦਿਆਂ ਪੂਰੇ ਕੰਪਲੈਕਸ ਦੀ ਗਹਿਰਾਈ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਅਤੇ ਫਰੀਦਕੋਟ ਵਿੱਚ ਇਸ ਤਰ੍ਹਾਂ ਦੀਆਂ ਝੂਠੀਆਂ ਧਮਕੀਆਂ ਮਿਲ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਰੱਖਿਆ ਦੇ ਸਾਰੇ ਲੋੜੀਂਦੇ ਕਦਮ ਚੁੱਕੇ ਜਾਂਦੇ ਹਨ। ਡੀਐਸਪੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ। ਫਿਲਹਾਲ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ ਹੈ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਸਥਿੱਤੀ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਚੌਕਸ ਰੱਖਿਆ ਗਿਆ ਹੈ।

