2 ਪਿਸਤੌਲ ਅਤੇ 6 ਕਾਰਤੂਸ ਬਰਾਮਦ ਅਤੇ ਜ਼ਿਲ੍ਹਾ ਪੁਲਿਸ ਨੇ ਕੀਤੀ ਸਾਂਝੀ ਕਾਰਵਾਈ
ਕੋਟਕਪੂਰਾ, 22 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਥਾਣਾ ਸਾਦਿਕ ਖੇਤਰ ਤੋਂ ਵਿਦੇਸ਼ੀ ਗੈਂਗਸਟਰ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੁਕਤਸਰ ਦੇ ਰਹਿਣ ਵਾਲੇ ਵਿਸ਼ਾਲ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਗੇਮਵਾਲਾ ਦੇ ਰਹਿਣ ਵਾਲੇ ਓਂਕਾਰ ਸਿੰਘ ਵਜੋਂ ਹੋਈ ਹੈ ਅਤੇ ਦੋਵਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਸ਼ਾਲ ਸਿੰਘ, ਜਿਸ ਨੂੰ ਹਾਲ ਹੀ ਵਿੱਚ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਸੀ, ਆਪਣੇ ਵਿਰੋਧੀ ਗਿਰੋਹ ਦੇ ਇੱਕ ਮੈਂਬਰ ਨੂੰ ਕਤਲ ਕਰਨ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ, ਜਿਸ ਲਈ ਉਹ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਲਗਾਤਾਰ ਸੰਪਰਕ ਵਿੱਚ ਸੀ। ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਦੋ ਪਿਸਤੌਲ (.30 ਬੋਰ) ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਅਤੇ ਏਜੀਟੀਐਫ ਦੀਆਂ ਟੀਮਾਂ ਨੇ ਮੰਗਲਵਾਰ ਰਾਤ ਨੂੰ ਸਾਦਿਕ ਵਿੱਚ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਦੋਵੇਂ ਦੋਸ਼ੀ ਮੋਟਰਸਾਈਕਲ ’ਤੇ ਇਲਾਕੇ ਵਿੱਚ ਘੁੰਮ ਰਹੇ ਹਨ, ਜਿਸ ਦੇ ਆਧਾਰ ’ਤੇ ਪੁਲਿਸ ਨੇ ਪੂਰੀ ਸਾਵਧਾਨੀ ਨਾਲ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਇੱਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਾਦਿਕ ਥਾਣੇ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।