ਅਰਸ਼ ਸੱਚਰ ਨੇ ਕਿਹਾ! ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ
ਕੋਟਕਪੂਰਾ, 7 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਮਾਜਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਸਬਸਿਡੀ ਵਾਲੀ ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਵਿਕਰੀ ਦੌਰਾਨ ਕਥਿਤ ਬੇਨਿਯਮੀਆਂ ਸਬੰਧੀ ਉਠਾਏ ਗਏ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਜਾਂਚ ਦੇ ਹੁਕਮ ਜਾਰੀ ਕਰਨ ‘ਤੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਦਿਲੋਂ ਧੰਨਵਾਦ ਕੀਤਾ ਹੈ। ਅਰਸ਼ ਸੱਚਰ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਸਬਸਿਡੀ ਵਾਲੀ ਖਾਦ ਲੈਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ, ਗਲਤ ਵਸੂਲੀ ਜਾਂ ਬੇਨਿਯਮੀਆਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਮਾਮਲੇ ਨੂੰ ਤੁਰੰਤ ਗੰਭੀਰਤਾ ਨਾਲ ਲੈਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਫਰੀਦਕੋਟ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਪਿੰਡ ਵਿੱਚ ਡੀ.ਏ.ਪੀ. ਜਾਂ ਯੂਰੀਆ ਖਾਦ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਗੜਬੜ, ਟੈਗਿੰਗ, ਗਲਤ ਵਸੂਲੀ ਜਾਂ ਹੋਰ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਹ ਪਿੰਡ ਦਾ ਨਾਮ, ਡੀਲਰ ਦਾ ਨਾਮ ਅਤੇ ਪੂਰੀ ਜਾਣਕਾਰੀ ਉਨ੍ਹਾਂ ਨਾਲ ਸਾਂਝੀ ਕਰਨ। ਹਰ ਸ਼ਿਕਾਇਤ ਨੂੰ ਸੰਬੰਧਿਤ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਨਿਰਪੱਖ ਜਾਂਚ ਹੋ ਸਕੇ ਅਤੇ ਜਿੱਥੇ ਵੀ ਗਲਤੀ ਸਾਹਮਣੇ ਆਵੇ ਉੱਥੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ। ਅਰਸ਼ ਸੱਚਰ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਹਰ ਕਿਸਾਨ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਪੂਰਾ ਲਾਭ ਬਿਨਾਂ ਕਿਸੇ ਰੁਕਾਵਟ ਦੇ ਮਿਲੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਅਤੇ ਲੋਕ ਸੇਵਾ ਲਈ ਉਹ ਅੱਗੇ ਵੀ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ। “ਕਿਸਾਨ ਮਜ਼ਬੂਤ ਹੋਵੇਗਾ ਤਾਂ ਪੰਜਾਬ ਖੁਸ਼ਹਾਲ ਹੋਵੇਗਾ। ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਮੇਰੀ ਲੜਾਈ ਲਗਾਤਾਰ ਜਾਰੀ ਰਹੇਗੀ।”

