ਕੁਲਦੀਪ ਸਿੰਘ ਚੇਅਰਮੈਨ ਅਤੇ ਮਨਦੀਪ ਕੌਰ ਵਾਈਸ ਚੇਅਰਮੈਨ ਚੁਣੇ ਗਏ
ਕੋਟਕਪੂਰਾ, 6 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਲਾਕ ਸੰਮਤੀ ਕੋਟਕਪੂਰਾ ਦੀ ਚੋਣ ਪ੍ਰਕਿਰਿਆ ਅੱਜ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਗਈ। ਇਸ ਚੋਣ ਦੌਰਾਨ ਕੁਲਦੀਪ ਸਿੰਘ ਨੂੰ ਚੇਅਰਮੈਨ ਅਤੇ ਮਨਦੀਪ ਕੌਰ ਨੂੰ ਵਾਈਸ ਚੇਅਰਮੈਨ ਵਜੋਂ ਚੁਣਿਆ ਗਿਆ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਨਵ-ਚੁਣੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਚੁਣੇ ਗਏ ਨੁਮਾਇੰਦਿਆਂ ਨੂੰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਚੁਣੇ ਅਹੁਦੇਦਾਰ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਥਾਨਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

