ਕੋਟਕਪੂਰਾ, 20 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਹੁਜਨ ਸਮਾਜ ਪਾਰਟੀ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਪੈਸ਼ਲ ਇਨਸੈਂਟਿਵ ਰੀਵਿਜ਼ਨ (ਐੱਸ.ਆਈ.ਆਰ.) ਸਬੰਧੀ ਵਰਕਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਕੈਡਰ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਦੌਲਤ ਰਾਮ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀਆਂ ਨੀਤੀਆਂ, ਸੰਗਠਨ ਦੀ ਮਜ਼ਬੂਤੀ ਅਤੇ ਐੱਸ.ਆਈ.ਆਰ. ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਰਕਰਾਂ ਨੂੰ ਘਰ-ਘਰ ਤੱਕ ਪਾਰਟੀ ਦਾ ਸੰਦੇਸ਼ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਲੋਕ ਸਭਾ ਇੰਚਾਰਜ ਐਡਵੋਕੇਟ ਅਵਤਾਰ ਕ੍ਰਿਸ਼ਨ, ਹਰਬੰਸ ਸਿੰਘ ਸਾਦਿਕ ਜ਼ਿਲਾ ਪ੍ਰਧਾਨ ਅਤੇ ਬਸੰਤ ਕੁਮਾਰ ਪਰਜਾਪਤ ਜ਼ਿਲਾ ਜਨਰਲ ਸਕੱਤਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਹੀ ਬਹੁਜਨ ਸਮਾਜ ਦੀ ਅਸਲ ਆਵਾਜ਼ ਹੈ ਅਤੇ ਪਾਰਟੀ ਵਰਕਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਕੰਮ ਕਰਦਿਆਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਚਾਹੀਦਾ ਹੈ। ਕੈਂਪ ਦਾ ਬਾਖੂਬੀ ਆਯੋਜਨ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਮਾਂਡੀਆ ਰਿਟਾਇਰਡ ਸਬ ਇੰਸਪੈਕਟਰ ਪੰਜਾਬ ਪੁਲਸ ਅਤੇ ਜਗਤਾਰ ਸਿੰਘ ਰਿਟਾਇਰਡ ਏ.ਐੱਸ.ਆਈ., ਪੰਜਾਬ ਪੁਲਸ ਵੱਲੋਂ ਕੀਤਾ ਗਿਆ। ਇਸ ਮੌਕੇ ਤਰਸੇਮ ਸਿੰਘ, ਪ੍ਰੀਤਮ ਸਿੰਘ ਕਾਨੂੰਗੋ, ਬਲਜੀਤ ਸਿੰਘ ਯੂਥ ਆਗੂ, ਸੁਖਚੈਨ ਸਿੰਘ, ਵਰਿੰਦਰ ਸਿੰਘ, ਦਲੀਪ ਕੁਮਾਰ, ਬਲਦੇਵ ਸਿੰਘ, ਇਕਬਾਲ ਹਰੀਨੌਂ, ਬਲਵਿੰਦਰ ਸਿੰਘ ਮੁਮਾਰਾ, ਮੱਖਣ ਲਾਲ, ਸੁਭਾਸ਼ ਕੁਮਾਰ ਮੀਡੀਆ ਸਾਥੀ, ਪਵਨ ਕੁਮਾਰ, ਅਸ਼ੋਕ ਕੁਮਾਰ, ਸੋਨੂ ਅਤੇ ਬਬਲੂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ। ਅੰਤ ਵਿਚ ਹਾਜ਼ਰ ਵਰਕਰਾਂ ਨੇ ਬਹੁਜਨ ਸਮਾਜ ਪਾਰਟੀ ਦੀ ਵਿਚਾਰਧਾਰਾ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ।

