ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕੀਤਾ ਕੈਂਪ ਦਾ ਰਸਮੀ ਆਗਾਜ਼
ਫਰੀਦਕੋਟ, 20 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਆਗਮਨ ਪੁਰਬ-2026 ਨੂੰ ਸਮਰਪਿਤ ਸਰਕਾਰੀ ਬ੍ਰਿਜਿੰਦਰਾ ਕਾਲਜ, ਫਰੀਦਕੋਟ ਵਿਖੇ ਐੱਨ.ਐੱਸ.ਐੱਸ. ਵਿਭਾਗ, ਰੈੱਡ ਰਿਬਨ ਕਲੱਬ, ਯੂਥ ਰੈੱਡ ਕਰਾਸ ਅਤੇ ਸਹਾਰਾ ਕਲੱਬ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੈਂਪ ਦਾ ਰਸਮੀ ਆਗਾਜ਼ ਕੀਤਾ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜ ਸੇਵਾ ਹੈ, ਜਿਸ ਰਾਹੀਂ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜ਼ਿੰਦਗੀ ਬਚਾਉਣ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਜਿਹੇ ਲੋਕ-ਭਲਾਈ ਦੇ ਕਾਰਜਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਦੀ ਸੇਵਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ ਅਤੇ ਖੂਨਦਾਨ ਕੈਂਪ ਇਸੇ ਭਾਵਨਾ ਨੂੰ ਅੱਗੇ ਵਧਾਉਣ ਦਾ ਸਾਰਥਕ ਉਪਰਾਲਾ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਮੌਕੇ ਕਰਵਾਇਆ ਗਿਆ ਇਹ ਖੂਨਦਾਨ ਕੈਂਪ ਸਮਾਜ ਵਿੱਚ ਮਨੁੱਖਤਾ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨ ਲਈ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕੈਂਪ ਦੇ ਆਯੋਜਕਾਂ ਅਤੇ ਖੂਨਦਾਨ ਕਰਨ ਵਾਲੇ ਦਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤਮੰਦ ਵਿਅਕਤੀਆਂ ਵੱਲੋਂ ਕੀਤਾ ਗਿਆ ਖੂਨਦਾਨ ਲੋੜਵੰਦ ਮਰੀਜ਼ਾਂ ਲਈ ਬਹੁਤ ਮਹੱਤਵਪੂਰਨ ਸਾਬਤ ਹੁੰਦਾ ਹੈ।
ਇਸ ਮੌਕੇ ਸਰਕਾਰੀ ਬ੍ਰਿਜਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਮੌਕੇ ਖੂਨਦਾਨ ਕੈਂਪ ਲਗਾਉਣਾ ਕਾਲਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੂਨਦਾਨ ਕਰਕੇ ਅਸੀਂ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਇਸ ਮੌਕੇ ਨਰਿੰਦਰਜੀਤ ਸਿੰਘ ਬਰਾੜ ਨੇ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਨ ਵਾਲੇ ਸਮੂਹ ਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਹ ਸੇਵਾ ਮਨੁੱਖਤਾ ਦੀ ਭਲਾਈ ਲਈ ਮਹੱਤਵਪੂਰਨ ਯੋਗਦਾਨ ਹੈ। ਇਸ ਮੌਕੇ ਪ੍ਰਵੀਨ ਕਾਲਾ ਜੀ, ਡਾ. ਗਗਨਦੀਪ ਕੌਰ, ਡਾ, ਡਾ. ਸੁਖਜੀਤ, ਮੈਡਮ ਪਵਨ ਵਾਲੀਆਂ, ਪ੍ਰੋ. ਹਿਮਾਂਸ਼ੂ ਨਾਗਪਾਲ ਹਾਜ਼ਰ ਰਹੇ ।

