ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
19 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ ਕਰਾਫਟ ਮੇਲਾ
ਬਾਬਾ ਫਰੀਦ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ
ਫਰੀਦਕੋਟ , 19 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਆਗਮਨ ਪੁਰਬ ਤੇ ਲੱਗਣ ਵਾਲੇ 10 ਰੋਜ਼ਾ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਦੀ ਪ੍ਰਧਾਨਗੀ ਹੇਠ ਨਵੀਂ ਦਾਣਾ ਮੰਡੀ ਵਿਖੇ ਹੋਈ। ਜਿਸ ਵਿਚ ਮੇਲੇ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਤੇ ਕਰਾਫ਼ਟ ਮੇਲਾ 19 ਸਤੰਬਰ ਤੋਂ 29 ਸਤੰਬਰ ਤੱਕ ਨਵੀਂ ਦਾਣਾ ਮੰਡੀ ਫਿਰੋਜੁਪਰ ਰੋਡ ਫ਼ਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਕਰਾਫ਼ਟ ਮੇਲੇ ਵਿੱਚ ਲਗਭਗ 170 ਸਟਾਲਾਂ ਲੱਗ ਰਹੀਆਂ ਹਨ। ਇਸ ਕਰਾਫ਼ਟ ਮੇਲੇ ਵਿੱਚ ਵੱਖ-ਵੱਖ ਰਾਜਾ ਦੇ ਆਰਟੀਕਲ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਵੱਖ ਵੱਖ ਰਾਜਾਂ ਦੇ ਪਕਵਾਨਾਂ ਵਾਲੇ ਸਟਾਲ ਵੀ ਮੁੱਖ ਆਕਰਸ਼ਨ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਆਗਮਨ ਪੁਰਬ ਵਿੱਚ ਝੂਲੇ ਅਤੇ ਮੰਨੋਰੰਜਨ ਆਇਟਮਾਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੇਲੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਪੁਰਜੋਰ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਸਟਾਰ ਨਾਈਟ ਵਿੱਚ ਆਉਣ ਦਾ ਖੁੱਲਾ ਸੱਦਾ ਦਿੱਤਾ ਅਤੇ ਕਿਹਾ ਕਿ ਇਸ ਸਬੰਧੀ ਕੋਈ ਵੀ ਐਂਟਰੀ ਪਾਸ ਨਹੀਂ ਰੱਖੇ ਗਏ ਹਨ। ਐਸ.ਐਸ.ਪੀ ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਸ਼ਹਿਰ ਨੂੰ ਸੁਰੱਖਿਆ ਵਜੋਂ 8 ਸੈਕਟਰਾਂ ਵਿੱਚ ਵੰਡਿਆ ਗਿਆ ਹੈ, ਜਿਸ ਵਿੱਚ 1400 ਤੋਂ ਵੱਧ ਪੁਲਿਸ ਕਰਮੀ ਸੁਰੱਖਿਆ ਲਈ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ ਕੈਮਰੇ, ਡਰੋਨ ਰਾਹੀਂ ਵੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਟ੍ਰੈਫਿਕ ਰੂਟ ਬਣਾਏ ਜਾਣਗੇ ਅਤੇ ਆਮ ਲੋਕਾਂ ਨੂੰ ਮੀਡੀਆ, ਫਲੈਕਸ ਬੋਰਡਾਂ ਰਾਹੀਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸ਼ਹਿਰ ਵਿੱਚ ਨਾਕੇ ਲਗਾਏ ਜਾਣਗੇ ਤਾਂ ਜੋ ਲੋੜ ਪੈਣ ਤੇ ਪੁਲਿਸ ਵੱਲੋਂ ਸਥਿਤੀ ਸੰਭਾਲੀ ਜਾ ਸਕੇ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਨਰਭਿੰਦਰ ਸਿੰਘ ਗਰੇਵਾਲ, ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਮੌਂਗਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।