ਮਨੁੱਖਤਾ ਦੀ ਸੇਵਾ ਲਈ ਦਿੱਤਾ ਜਾਵੇਗਾ ਬਾਬਾ ਫਰੀਦ ਐਵਾਰਡ : ਗੁਰਇੰਦਰ ਮੋਹਨ ਸਿੰਘ
ਫਰੀਦਕੋਟ, 15 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਆਗਮਨ ਪੁਰਬ ਹਰ ਸਾਲ ਦੀ ਤਰਾਂ ਇਸ ਵਾਰ ਵੀ 19 ਸਤੰਬਰ ਤੋਂ 23 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ, ਜੋ ਬਾਬਾ ਫਰੀਦ ਦੀ ਪਵਿੱਤਰ ਨਗਰੀ ਫਰੀਦਕੋਟ ਵਿਖੇ ਸੂਫੀ ਮਤ ਦੇ ਸੰਸਥਾਪਕ ਅਤੇ ਪੰਜਾਬੀ ਭਾਸ਼ਾ ਦੇ ਪਹਿਲੇ ਕਵੀ ਦੇ ਰੂਪ ਵਿਚ ਜਾਣੇ ਜਾਂਦੇ ਬਾਬਾ ਸ਼ੇਖ ਫਰੀਦ ਨੂੰ ਸਮਰਪਿਤ ਹੈ। ਆਗਮਨ ਪੁਰਬ ’ਤੇ ਗਤੀਵਿਧੀਆਂ ਨੂੰ ਯਾਦਗਾਰ ਬਣਾਉਣ ਲਈ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਅਗਵਾਈ ਵਿਚ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ’ਚ ਬਾਬਾ ਫਰੀਦ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕ ਤੇ ਖਜ਼ਾਨਚੀ ਡਾ. ਗੁਰਇੰਦਰਮੋਹਨ ਸਿੰਘ ਨੇ ਦੱਸਿਆ ਕਿ 12 ਸਤੰਬਰ ਤੋਂ 14 ਸਤੰਬਰ ਤੱਕ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ 19 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਜੀ ਅਤੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਨਾਲ ਮੇਲੇ ਦੀ ਸ਼ੁਰੂਆਤ ਕੀਤੀ ਜਾਵੇਗੀ। 20 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਜੀ ਵਿਖੇ ਕਥਾ ਅਤੇ ਕੀਰਤਨ ਪ੍ਰੋਗਰਾਮ ਹੋਣਗੇ, 21 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਜੀ ਵਿਖੇ ਅਖੰਡ ਸਾਹਿਬ ਦਾ ਪਾਠ ਸ਼ੁਰੂ ਕੀਤਾ ਜਾਵੇਗਾ ਅਤੇ ਸ਼ਾਮ ਨੂੰ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਕਥਾ ਦਰਬਾਰ ਹੋਵੇਗਾ, 22 ਸਤੰਬਰ ਨੂੰ ਗੋਦੜੀ ਸਾਹਿਬ ਵਿਖੇ ਕੀਰਤਨ ਸਮਾਰੋਹ ਹੋਵੇਗਾ। ਮੇਲੇ ਦੇ ਆਖਰੀ ਦਿਨ 23 ਸਤੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਵਿਸ਼ਾਲ ਨਗਰ ਕੀਰਤਨ ਟਿੱਲਾ ਬਾਬਾ ਫਰੀਦ ਜੀ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਗੁਰਦੁਆਰਾ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਇਸੇ ਦਿਨ ਬਾਬਾ ਫਰੀਦ ਐਵਾਰਡ ਫਾਰ ਸਰਵਿਸ ਟੂ ਹਿਊਮਨਿਟੀ ਪ੍ਰਦਾਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਬੰਧ ਵਿਚ ਮਿਤੀ 14 ਸਤੰਬਰ 2024 ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 2:30 ਵਜੇ ਪ੍ਰਬੰਧਕਾਂ ਵਲੋਂ ਪ੍ਰੈਸ ਕਾਨਫਰੰਸ ਕਰਕੇ ਐਵਾਰਡ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।