ਕੋਟਕਪੂਰਾ, 16 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਵੱਲੋਂ ਸੀ.ਬੀ.ਐੱਸ.ਈ. ਬੋਰਡ ਪ੍ਰੀਖਿਆ 2025-26 ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਮੈਰਿਟਧਾਰੀ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਸਮਾਰੋਹ ਫਰੀਦ ਆਡੀਟੋਰੀਅਮ ’ਚ ਪੂਰੇ ਜਾਹੋ-ਜਲਾਲ ਨਾਲ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਨੇ ਕੀਤੀ ਜਦਕਿ ਕਮੇਟੀ ਮੈਂਬਰਾਂ ਗੁਰਜਾਪ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਕੁਲਜੀਤ ਸਿੰਘ ਮੋਂਗੀਆ, ਨਰਿੰਦਰਪਾਲ ਸਿੰਘ ਬਰਾੜ ਅਤੇ ਡਾ. ਪ੍ਰਭਤੇਸ਼ਵਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ 12ਵੀਂ ਦੇ 47 ਅਤੇ 10ਵੀਂ ਦੇ 86 ਵਿਦਿਆਰਥੀਆਂ ਸਮੇਤ ਕੁੱਲ 140 ਵਿਦਿਆਰਥੀਆਂ ਨੂੰ, ਜਿਨ੍ਹਾਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ, ਟਰਾਫੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 31 ਹਜ਼ਾਰ, ਦੂਜਾ ਸਥਾਨ ਲੈਣ ਵਾਲਿਆਂ ਨੂੰ 21 ਹਜ਼ਾਰ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 11 ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਨਕਦ ਇਨਾਮ ਦਿੱਤੇ ਗਏ। ਸ਼ਾਨਦਾਰ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਵੀ 5100/- ਰੁਪਏ ਦੇ ਕੇ ਸਨਮਾਨਿਆ ਗਿਆ। ਕਾ. ਪ੍ਰਿੰਸੀਪਲ ਮੈਡਮ ਸੁਖਦੀਪ ਕੌਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਸੰਭਵ ਹੋਈਆਂ ਹਨ। ਕਾ. ਵਾਈਸ ਪ੍ਰਿੰਸੀਪਲ ਮੈਡਮ ਹਰਸਿਮਰਨਜੀਤ ਕੌਰ ਨੇ ਕਿਹਾ ਕਿ ਇਹ ਸਫਲਤਾ ਅਤੇ ਪ੍ਰਸੰਸ਼ਾ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣੇਗੀ। ਸਮਾਗਮ ਦੌਰਾਨ ਮਾਪਿਆਂ ਤੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਅੰਤ ਵਿੱਚ ਸਕੂਲ ਪ੍ਰਬੰਧਨ ਨੇ ਸਾਰੇ ਜੇਤੂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

