ਫ਼ਰੀਦਕੋਟ, 9 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੀ ਕਾਰਗੁਜ਼ਾਰੀ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਬਾਬਾ ਫਰੀਦ ਅਦਾਰਿਆਂ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਦੇ ਸਨਮਾਨ ਲਈ ਬਾਬਾ ਫ਼ਰੀਦ ਵਿੱਦਿਅਕ ਸੰਸਥਾਵਾਂ ਦੀ ਸਮੁੱਚੀ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਧੰਨਵਾਦ ਸਮਾਰੋਹ ਅਤੇ ਚਾਹ ਪਾਰਟੀ ਦਾ ਆਯੋਜਨ ਕੀਤਾ ਗਿਆ। ਕਮੇਟੀ ਵੱਲੋਂ ਸੁਰਿੰਦਰ ਸਿੰਘ ਰੋਮਾਣਾ ਨੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਇਹਨਾਂ ਦੀ ਅਣਥੱਕ ਮਿਹਨਤ ਤੇ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ। ਉਹਨਾਂ ਨੇ ਇਹ ਵੀ ਕਿਹਾ ਕਿ ਕਰਮਚਾਰੀ ਹਰ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਤੇ ਕੋਈ ਵੀ ਸਮਾਗਮ ਇਹਨਾ ਦੀ ਸ਼ਮੂਲੀਅਤ ਤੋ ਬਿਨਾ ਅਸੰਭਵ ਹੈ। ਇਹ ਹਰ ਸਮਾਗਮ ਤੇ ਸੰਸਥਾ ਨੂੰ ਖੂਬਸੂਰਤ ਬਣਾਉਣ ਦੇ ਅਹਿਮ ਹਿੱਸੇਦਾਰ ਹੁੰਦੇ ਹਨ। ਇਸ ਮੌਕੇ ਬਾਬਾ ਫ਼ਰੀਦ ਲਾਅ ਕਾਲਜ ਅਤੇ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਸਾਰੇ ਹੀ ਕਰਮਚਾਰੀਆਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਨਿਸ਼ਕਾਮ ਸੇਵਾ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਨਾਲ ਚਾਹ ਪਾਰਟੀ ਸਾਂਝੀ ਕਰਕੇ ਆਪਸੀ ਭਾਈਚਾਰੇ ਦਾ ਸੁੰਦਰ ਨਜ਼ਾਰਾ ਪੇਸ਼ ਕੀਤਾ ਗਿਆ। ਇਸ ਵਿਸ਼ੇਸ਼ ਸਮਾਰੋਹ ਦੌਰਾਨ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਸਾਰੇ ਉੱਚ-ਅਧਿਕਾਰੀ ਚਰਨਜੀਤ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਡਾ. ਗੁਰਿੰਦਰ ਮੋਹਨ ਸਿੰਘ, ਮੈਂਬਰ ਦੀਪਿੰਦਰ ਸਿੰਘ ਸੇਖੋਂ, ਕੁਲਜੀਤ ਸਿੰਘ ਮੌਗੀਆਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਵੀ ਖਾਸ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਮੈਨੇਜਮੈਂਟ ਵੱਲੋਂ ਕੁਲਜੀਤ ਸਿੰਘ ਮੌਂਗੀਆ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ ਕਿ ਉਹਨਾਂ ਨੇ ਬਾਬਾ ਫਰੀਦ ਸੰਸਥਾਵਾਂ ਦੀ ਸੇਵਾ ਵਿੱਚ ਹਮੇਸ਼ਾ ਹੀ ਆਪਣਾ ਭਰਪੂਰ ਯੋਗਦਾਨ ਪਾਇਆ ਹੈ। ਇਸ ਸਮਾਰੋਹ ਦਾ ਮੁੱਖ ਮਕਸਦ ਬਾਬਾ ਫ਼ਰੀਦ ਆਗਮਨ ਪੁਰਬ ਦੇ ਪਵਿੱਤਰ ਮੌਕੇ ’ਤੇ ਗੁਰਦੁਆਰਾ ਗੋਦੜੀ ਸਾਹਿਬ ਅਤੇ ਟਿੱਲਾ ਬਾਬਾ ਫ਼ਰੀਦ ਵਿਖੇ ਦਿਨ-ਰਾਤ ਪੂਰੀ ਤਨ-ਮਨ ਨਾਲ ਸੇਵਾ ਕਰਨ ਵਾਲੇ ਕਰਮਚਾਰੀਆਂ ਪ੍ਰਤੀ ਮੈਨੇਜਮੈਂਟ ਵੱਲੋਂ ਆਪਣਾ ਆਭਾਰ ਪ੍ਰਗਟ ਕਰਨਾ ਸੀ।