ਫਰੀਦਕੋਟ, 6 ਜੂਨ (ਗੁਰਿੰਦਰ ਸਿੰਘ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਬਾਬਾ ਬੰਦਾ ਬਹਾਦਰ ਕਾਲਜ ਆਫ ਐਜੂਕੇਸ਼ਨ ਵਿਖੇ ‘ਵਿਸ਼ਵ ਵਾਤਾਵਰਣ ਦਿਵਸ਼’ ਮੌਕੇ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਵੱਛ ਅਤੇ ਸੁਰੱਖਿਅਤ ਬਣਾਉਣ ਦੀ ਸਹੁੰ ਚੁਕਾਈ ਗਈ। ਇਸ ਮੌਕੇ ਕਾਲਜ ਦੇ ਡੀ.ਐੱਲ.ਐੱਡ. ਭਾਗ ਪਹਿਲਾ ਅਤੇ ਦੂਜੇ ਦੇ ਵਿਦਿਆਰਥੀਆਂ ਵੱਲੋਂ ਇਸ ਦਿਨ ਦੀ ਮਹੱਤਤਾ ਉੱਪਰ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਵਿਸ਼ਵ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਹ ਦਿਨ ਵਾਤਾਵਰਣ ਦੀ ਸੁਰੱਖਿਆ ਲਈ ਜਾਗਰੂਕਤਾ ਨੂੰ ਉਤਸ਼ਾਹਿਤ ਕਰਦਾ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਪੁਨੀਤਇੰਦਰ ਬਾਵਾ ਨੇ ਵੀ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਦਿਆਂ ਵਾਤਾਵਰਣ ਨੂੰ ਸਾਫ ਤੇ ਸੁਰੱਖਿਅਤ ਬਣਾਉਣ ਲਈ ਕੋਸ਼ਿਸ਼ ਕਰਨ ਲਈ ਉਤਸ਼ਾਹਿਤ ਕੀਤਾ। ਇਸ ਦੇ ਨਾਲ ਹੀ ਕਾਲਜ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਪੌਦੇ ਲਾ ਕੇ ਵਾਤਾਵਰਣ ਪ੍ਰਤੀ ਸਹਿਯੋਗ ਕਰਨ ਲਈ ਪ੍ਰੇਰਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਇੱਕ-ਇੱਕ ਪੌਦਾ ਹਰ ਸਾਲ ਲਾਉਣ ਅਤੇ ਉਸਦਾ ਪਾਲਣ-ਪੋਸ਼ਣ ਕਰਨ ਦੀ ਅਪੀਲ ਕੀਤੀ। ਉਹਨਾਂ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਤੋਂ ਬਚਣ ਲਈ ਵਾਤਾਵਰਣ ਨੂੰ ਬਚਾਉਣ ਦੀ ਜ਼ਰੂਰਤ ਵੱਲ ਵੀ ਚਾਨਣਾ ਪਾਇਆ। ਇਸ ਉਪਰੰਤ ਕਾਲਜ ਡਾਇਰੈਕਟਰ ਮੈਡਮ ਸ਼ਾਲਿਨੀ ਬਾਵਾ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਦੀ ਸਹੁੰ ਚੁਕਾਈ। ਜ਼ਿਕਰਯੋਗ ਹੈ ਕਿ ਇਸ ਦੌਰਾਨ ਕਾਲਜ ਦੇ ਸਮੂਹ ਸਟਾਫ ਸਮੇਤ ਕਾਲਜ ਪਿ੍ਰੰਸੀਪਲ ਹਾਜ਼ਿਰ ਰਹੇ ਅਤੇ ਅਸਿਸਟੈਂਟ ਪ੍ਰੋਫੈਸਰ ਪੁਨੀਤ ਅਰੋੜਾ ਵਲੋਂ ਇਸ ਸਮਾਗਮ ਦੀ ਸਾਰੀ ਜਿੰਮੇਵਾਰੀ ਨਿਭਾਈ ਗਈ।
ਫੋਟੋ ਕੈਪਸ਼ਨ :- ਕਾਲਜ ਦੇ ਵਿਹੜੇ ਵਿੱਚ ਬੂਟਾ ਲਾਉਂਦੇ ਹੋਏ ਬਾਬਾ ਬੰਦਾ ਬਹਾਦਰ ਕਾਲਜ ਦੇ ਵਿਦਿਆਰਥੀ ਅਤੇ ਅਧਿਆਪਕ। (ਟਿੰਕੂ ਕੁਮਾਰ)