ਪ੍ਰਧਾਨਗੀ ਸਮੇਤ ਵੱਖ-ਵੱਖ ਅਹੁਦਿਆਂ ਲਈ ਫਸਵਾਂ ਮੁਕਾਬਲਾ, ਵੋਟਿੰਗ ਭਲਕੇ : ਐਡਵੋਕੇਟ ਗਗਨਦੀਪ ਕੌੜਾ
ਫਰੀਦਕੋਟ, 9 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐਡਵੋਕੇਟ ਗਗਨਦੀਪ ਕੌੜਾ ਨੇ ਦੱਸਿਆ ਕਿ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਬਾਰ ਐਸੋਸੀਏਸ਼ਨ ਫਰੀਦਕੋਟ ਦੀਆਂ ਸਾਲਾਨਾ ਚੋਣਾਂ ਲਈ ਪ੍ਰਚਾਰ ਦਾ ਅੰਤਿਮ ਦੌਰ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, 11 ਸਤੰਬਰ 2026, ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀਆਂ ਇਹਨਾਂ ਚੋਣਾਂ ਨੂੰ ਲੈ ਕੇ ਕਚਹਿਰੀਆਂ ਵਿੱਚ ਚੋਣ ਮਾਹੌਲ ਕਾਫ਼ੀ ਗਰਮਾ ਗਿਆ ਹੈ ਅਤੇ ਵੱਖ-ਵੱਖ ਅਹੁਦਿਆਂ ਲਈ ਚੋਣ ਮੈਦਾਨ ਵਿੱਚ ਉੱਤਰੇ ਉਮੀਦਵਾਰਾਂ ਵਿਚਕਾਰ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਐਡਵੋਕੇਟ ਗਗਨਦੀਪ ਕੌੜਾ ਨੇ ਅੱਗੇ ਦੱਸਿਆ ਕਿ ਇਸ ਵਾਰ ਦੀਆਂ ਚੋਣਾਂ ਦੀ ਖ਼ਾਸ ਗੱਲ ਇਹ ਹੈ ਕਿ ਕਿਸੇ ਵੀ ਅਹੁਦੇ ਲਈ ਉਮੀਦਵਾਰਾਂ ਵਿਚਕਾਰ ਆਪਸੀ ਸਰਬਸੰਮਤੀ ਨਹੀਂ ਬਣ ਸਕੀ, ਜਿਸ ਕਾਰਨ ਸਾਰੇ ਅਹੁਦਿਆਂ ਲਈ ਵੋਟਿੰਗ ਹੋਣਾ ਲਾਜ਼ਮੀ ਹੋ ਗਿਆ ਹੈ। ਖ਼ਾਸ ਕਰਕੇ ਪ੍ਰਧਾਨਗੀ ਦੇ ਵੱਕਾਰੀ ਅਹੁਦੇ ਲਈ ਸੀਨੀਅਰ ਵਕੀਲਾਂ ਵਿਚਕਾਰ ਬਹੁਤ ਹੀ ਫਸਵਾਂ ਅਤੇ ਦਿਲਚਸਪ ਮੁਕਾਬਲਾ ਬਣਿਆ ਹੋਇਆ ਹੈ। ਸਾਰੇ ਉਮੀਦਵਾਰ ਅਤੇ ਉਹਨਾਂ ਦੇ ਸਮਰਥਕ ਵਕੀਲ ਭਾਈਚਾਰੇ ਦੀਆਂ ਵੋਟਾਂ ਆਪਣੇ ਹੱਕ ਵਿੱਚ ਭੁਗਤਾਉਣ ਲਈ ਪੂਰੀ ਵਾਹ ਲਾ ਰਹੇ ਹਨ। ਚੋਣ ਮੈਦਾਨ ਵਿੱਚ ਨਿੱਤਰੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਵਕੀਲ ਭਾਈਚਾਰੇ ਨੂੰ ਪੇਸ਼ ਆਉਂਦੀਆਂ ਦਰਪੇਸ਼ ਸਮੱਸਿਆਵਾਂ, ਜਿਵੇਂ ਕਿ ਚੈਂਬਰਾਂ ਦੀ ਘਾਟ, ਲਾਇਬ੍ਰੇਰੀ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਵੱਡੇ ਭਰੋਸੇ ਦਿੱਤੇ ਜਾ ਰਹੇ ਹਨ।
*ਕੁੱਲ ਵੋਟਰ :-* ਐਸੋਸੀਏਸ਼ਨ ਦੇ ਕੁੱਲ 795 ਵਕੀਲ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
*ਵੋਟਿੰਗ ਦਾ ਸਮਾਂ :-* 11 ਸਤੰਬਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ।
*ਨਤੀਜੇ :-* ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹਨ ਤੋਂ ਬਾਅਦ, ਉਸੇ ਦਿਨ ਸ਼ਾਮ ਨੂੰ ਹੀ ਗਿਣਤੀ ਕਰਕੇ ਚੋਣ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਚੋਣਾਂ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਬਾਰ ਐਸੋਸੀਏਸ਼ਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਫੋਟੋ ਕੈਪਸ਼ਨ :- ਐਡਵੋਕੇਟ ਗਗਨਦੀਪ ਕੌੜਾ।

