ਕੋਟਕਪੂਰਾ, 29 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇਪਾਲ ਦੇ ਪੋਖਰਾ ਸ਼ਹਿਰ ਵਿੱਚ ਯੂਥ ਐਂਡ ਰੂਰਲ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਅੰਤਰਰਾਸ਼ਟਰੀ ਬਾਸਕਿਟਬਾਲ ਟੂਰਨਾਮੈਂਟ ਵਿੱਚ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਟੀਮ ਨੇ ਵੱਖ-ਵੱਖ ਦੇਸ਼ਾਂ ਤੋਂ ਆਈਆਂ ਮਜ਼ਬੂਤ ਟੀਮਾਂ ਨੂੰ ਮਾਤ ਦੇ ਕੇ ਇਹ ਉਪਲਬਧੀ ਹਾਸਲ ਕੀਤੀ। ਇਸ ਸ਼ਾਨਦਾਰ ਕਾਮਯਾਬੀ ’ਤੇ ਸਕੂਲ ਪ੍ਰਬੰਧਕਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਅੰਮ੍ਰਿਤਪਾਲ ਸਿੰਘ ਦੀ ਕਾਬਿਲ ਰਹਿਨੁਮਾਈ ਅਤੇ ਮਿਹਨਤ ਦੀ ਭਰਪੂਰ ਸਰਾਹਨਾ ਕੀਤੀ ਗਈ। ਸਕੂਲ ਪ੍ਰਬੰਧਨ ਨੇ ਕਿਹਾ ਕਿ ਇਸ ਜਿੱਤ ਨਾਲ ਵਿਦਿਆਰਥੀਆਂ ਅਤੇ ਸੰਸਥਾ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਹੋਇਆ ਹੈ। ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਹਨਾਂ ਕਿਹਾ ਕਿ ਬਾਬਾ ਫਰੀਦ ਜੀ ਹਮੇਸ਼ਾਂ ਆਪਣਾ ਹੱਥ ਉਹਨਾਂ ਦੇ ਸਿਰ ’ਤੇ ਬਣਾਈ ਰੱਖਣ ਅਤੇ ਵਿਦਿਆਰਥੀ ਇਸੇ ਤਰ੍ਹਾਂ ਦਿਨ ਦੋਗੁਣੀ ਅਤੇ ਰਾਤ ਚੋਗੁਣੀ ਤਰੱਕੀ ਕਰਦੇ ਰਹਿਣ।
