ਕੋਟਕਪੂਰਾ, 16 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਤੋਂ ਭਾਜਪਾ ਦੇ ਜ਼ਿਲਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਬਿਹਾਰ ਵਿਚ ਐੱਨ.ਡੀ.ਏ. ਸਰਕਾਰ ਦੇ ਗਠਨ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਗਠਜੋੜ ਨੇ 243 ਵਿਚੋਂ 200 ਤੋਂ ਜ਼ਿਆਦਾ ਸੀਟਾਂ ਹਾਸਲ ਕੀਤੀਆਂ, ਜਦਕਿ ਮਹਾਗਠਜੋੜ ਨੂੰ ਸਿਰਫ 35 ਸੀਟਾਂ ਹੀ ਮਿਲੀਆਂ। ਮਨਵੀਰ ਰੰਗਾ ਨੇ ਕਿਹਾ ਕਿ ਐੱਨ.ਡੀ.ਏ. ਨੇ ਵੱਖ-ਵੱਖ ਟੀ.ਵੀ. ਚੈਨਲਾਂ ਵੱਲੋਂ ਦਿਖਾਏ ਗਏ ਐਗਜ਼ਿਟ ਪੋਲ ਨੂੰ ਪਛਾੜਦੇ ਹੋਏ 200 ਤੋਂ ਵੱਧ ਸੀਟਾਂ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ, ਬਿਹਾਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇਸ ਇਤਿਹਾਸਕ ਜਿੱਤ ਲਈ ਵਧਾਈ ਦੇ ਹੱਕਦਾਰ ਹਨ, ਕਿਉਂਕਿ ਉਨ੍ਹਾਂ ਨੇ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ। ਸ਼੍ਰੀ ਰੰਗਾ ਨੇ ਕਿਹਾ ਕਿ ਇਹ ਜਿੱਤ ਸਾਬਤ ਕਰਦੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਪ੍ਰਸਿੱਧੀ ਅਟੁੱਟ ਹੈ। ਲੋਕਾਂ ਨੂੰ ਵਿਸ਼ਵਾਸ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਵਿਸ਼ਵ ਨੇਤਾ ਬਣਾਉਣ ਦੇ ਸਮਰੱਥ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਜਿੱਤ ਦਾ ਪ੍ਰਭਾਵ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਦਿਖਾਈ ਦੇਵੇਗਾ।

