ਕਿਸਾਨਾਂ ਦੀ ਜ਼ਮੀਨ ਖੋਹਣ ਲਈ ਲਿਆਂਦੀ ਗਈ ਹੈ ਲੈਂਡ ਪੂਲਿੰਗ ਪਾਲਸੀ – ਇੰਦਰਜੀਤ ਘਣੀਆਂ
ਫਰੀਦਕੋਟ 1 ਅਗਸਤ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਸਾਦਿਕ ਅਤੇ ਬਲਾਕ ਫ਼ਰੀਦਕੋਟ ਦੇ ਕਿਸਾਨਾਂ ਵੱਲੋਂ ਸਰਕਾਰ ਦੀ ਲੈਂਡ ਪੂਲਿੰਗ ਪਾਲਸੀ ਦੇ ਵਿਰੋਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਨੇ ਦੱਸਿਆ ਕਿ ਸਰਕਾਰ ਦੀ ਇਹ ਪਾਲਸੀ ਸਿਰਫ਼ ਤੇ ਸਿਰਫ਼ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕਿਸਾਨਾਂ ਤੋਂ ਖੋਹ ਕੇ ਕਾਰਪੋਰੇਟ ਦੇ ਹੱਥ ਦੇਣ ਦਾ ਇੱਕ ਤਰੀਕਾ ਹੈ। ਉਹਨਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਈ ਹੇਠ ਸਰਕਾਰ ਦੀ ਇਸ ਕਿਸਾਨ ਮਾਰੂ ਨੀਤੀ ਦਾ ਮੂੰਹ ਤੋੜਵਾਂ ਜਵਾਬ ਦੇਣ ਦੇ ਲਈ ਆਉਣ ਵਾਲੇ 7 ਅਗਸਤ ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੋਧਾਂ ਵਿਖੇ ਕਿਸਾਨਾਂ ਦੀ ਇੱਕ ਵੱਡੀ ਇਕੱਤਰਤਾ ਕਰਕੇ ਰੈਲੀ ਕੱਢੀ ਜਾ ਰਹੀ ਹੈ ਜਿਸ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਿਰਕਤ ਕਰਨਗੇ। ਉਹਨਾਂ ਦੱਸਿਆ ਕਿ ਇਹਨਾਂ ਮੀਟਿੰਗਾਂ ਰਾਹੀਂ ਬਲਾਕ ਪੱਧਰੀ ਕਿਸਾਨਾਂ ਨੂੰ ਇਸ ਹੋਣ ਵਾਲੀ ਰੈਲੀ ਸਬੰਧੀ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਦੀ ਇਸ ਲੋਕ ਮਾਰੂ ਨੀਤੀ ਦਾ ਡੱਟ ਕੇ ਵਿਰੋਧ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਤੱਤਪਰ ਹੈ ਅਤੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਤੇ ਵੀ ਕਿਸੇ ਗੈਰ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਜ਼ਿਲ੍ਹਾ ਖਜਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਬਲਾਕ ਸਾਦਿਕ ਦੇ ਪ੍ਰਧਾਨ ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਬਲਾਕ ਫ਼ਰੀਦਕੋਟ ਦੇ ਪ੍ਰਧਾਨ ਤੇਜਾ ਸਿੰਘ ਪੱਕਾ, ਚਰਨਜੀਤ ਸਿੰਘ ਸੁੱਖਣਵਾਲਾ, ਰਾਜਵੀਰ ਸਿੰਘ ਪੱਖੀ ਕਲਾਂ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ, ਦਿਲਬਾਗ ਸਿੰਘ ਸਾਬਕਾ ਸਰਪੰਚ,ਸੁਲੱਖਣ ਸਿੰਘ, ਰਮਨਦੀਪ ਸਿੰਘ ਆਦਿ ਕਿਸਾਨ ਹਾਜ਼ਰ ਰਹੇ।

