ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਦੇਸ਼ ਸੁਰੱਖਿਅਤ ਅਤੇ ਖੁਸ਼ਹਾਲ : ਰਾਜਨ ਨਾਰੰਗ
ਕੋਟਕਪੂਰਾ, 4 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਫਰੀਦਕੋਟ ਦੇ ਜਿਲਾ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬੀਤੇ ਦਿਨੀਂ ਪੇਸ਼ ਕੀਤੇ ਗਏ ਬਜਟ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਕੇਂਦਰੀ ਵਿੱਤ ਮੰਤਰੀ ਨਿਰਮਲ ਸੀਤਾ ਰਮਨ ਵਲੋਂ ਲਗਾਤਾਰ 8ਵੀਂ ਵਾਰ ਪੇਸ਼ ਕੀਤਾ ਗਿਆ ਬਜ਼ਟ ਹਰ ਵਰਗ ਨੂੰ ਵੱਡੀ ਸਹੂਲਤ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ 12 ਲੱਖ ਰੁਪਏ ਤੱਕ ਦੀ ਆਮਦਨ ਨੂੰ ਟੈਕਸ ਮੁਕਤ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦਾ ਵੱਡਾ ਅਤੇ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਟੀ.ਡੀ.ਐਸ. ਦੀ ਸੀਮਾ 6 ਲੱਖ ਕਰਨ ਨਾਲ ਵਪਾਰੀ ਵਰਗ ਨੂੰ ਵੱਡਾ ਲਾਭ ਮਿਲੇਗਾ। ਰਾਜਨ ਨਾਰੰਗ ਨੇ ਕਿਹਾ ਕਿ 10 ਹਜ਼ਾਰ ਨਵੀਆਂ ਮੈਡੀਕਲ ਸੀਟਾਂ ਪੈਦਾ ਹੋਣ ਨਾਲ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਇਸੇ ਤਰ੍ਹਾਂ ਹੀ ਔਰਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ 5 ਲੱਖ ਦੀ ਸਕੀਮ ਸ਼ੁਰੂ ਕਰਨਾ ਵੀ ਇੱਕ ਕ੍ਰਾਂਤੀਕਾਰੀ ਫੈਸਲਾ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਲਏ ਜਾਂਦੇ ਫੈਸਲੇ ਲੋਕ ਹਿੱਤ ਵਿੱਚ ਹੁੰਦੇ ਹਨ, ਜਿਸ ਤੋਂ ਸਪੱਸ਼ਟ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਦੇਸ਼ ਸੁਰੱਖਿਅਤ ਅਤੇ ਖੁਸ਼ਹਾਲ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਦਾ ਹੀ ਇਮਾਨਦਾਰੀ ਭਰਿਆ ਸ਼ਾਸ਼ਨ ਦਿੱਤਾ ਹੈ, ਜਦਕਿ ਕਾਂਗਰਸ ਸਰਕਾਰ ਵੇਲੇ ਹਰ ਪਾਸੇ ਭ੍ਰਿਸ਼ਟਾਚਾਰ ਭਾਰੂ ਸੀ।
