ਕੋਟਕਪੂਰਾ, 17 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਕਮਿਊਨਿਸਟ ਪਾਰਟੀ ਵੱਲੋਂ 1 ਸਤੰਬਰ ਨੂੰ ਰਾਮ ਲੀਲ੍ਹਾ ਮੈਦਾਨ ਨਵੀਂ ਦਿੱਲੀ ਵਿਖੇ ‘ਬਦਲਾਅ ਜ਼ਰੂਰੀ ਹੈ’ ਦੇ ਨਾਅਰੇ ਨੂੰ ਮੁੱਖ ਰੱਖਦਿਆਂ ਕੌਮੀ ਰੈਲੀ ਕੀਤੀ ਜਾ ਰਹੀ ਹੈ, ਇਸ ਰੈਲੀ ਦੀ ਤਿਆਰੀ ਵਾਸਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਅੱਜ ਪਿੰਡ ਧੂੜਕੋਟ, ਕੋਟਸੁਖੀਆ, ਗੋਲੇਵਾਲਾ, ਪਿਪਲੀ ਨਵੀਂ ਅਤੇ ਢੁੱਡੀ ਵਿਖੇ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਵਿੱਤ ਸਕੱਤਰ ਗੁਰਚਰਨ ਸਿੰਘ ਮਾਨ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗ ਰੋਜ਼ਗਰ ਪ੍ਰਾਪਤੀ ਮਜ਼ਦੂਰ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕਾਮਰੇਡ ਵੀਰ ਸਿੰਘ ਕੰਮੇਆਣਾ ਅਤੇ ਸਲਾਹਕਾਰ ਬਲਕਾਰ ਸਿੰਘ ਸਹੋਤਾ ਨੇ ਆਪਣੇ ਆਪਣੇ ਸੰਬੋਧਨ ਵਿੱਚ ਦੇਸ਼ ਦੇ ਮੌਜੂਦਾ ਹਾਲਤਾਂ ਬਾਰੇ ਵਿਚਾਰ ਪੇਸ਼ ਕੀਤੇ। ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ 12 ਸਾਲਾਂ ਦੇ ਰਾਜ ਭਾਗ ਦੌਰਾਨ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਨੇ ਕਾਰਪਰੇਟ ਘਰਾਣਿਆਂ ਦੀ ਦਬਾਅ ਹੇਠ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਸ ਸਰਕਾਰ ਨੇ 29 ਕਿਰਤ ਕਾਨੂੰਨ ਖਤਮ ਕਰਕੇ ਚਾਰ ਲੇਬਰ ਕੋਡ ਲਾਗੂ ਕਰਕੇ ਕਾਰਪੋਰੇਟਾਂ ਦੇ ਹਿੱਤਾਂ ਦੀ ਪੂਰਤੀ ਕੀਤੀ ਹੈ। ਨਰੇਗਾ ਕਾਨੂੰਨ ਖਤਮ ਕਰਕੇ ਨਵਾਂ ਵੀ ਬੀ ਜੀ ਰਾਮ ਜੀ ਕਾਨੂੰਨ ਲਾਗੂ ਕਰ ਦਿੱਤਾ ਹੈ ਅਤੇ ਨਰੇਗਾ ਕਾਮਿਆਂ ਨੂੰ 125 ਦਿਨ ਕੰਮ ਦੇਣ ਦਾ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜਦ ਕਿ ਅਸਲ ਵਿੱਚ ਕੰਮ ਮਿਲਣ ਦੇ ਦਿਨ 35-40 ਦਿਨਾਂ ਤੋਂ ਵੱਧ ਨਹੀਂ ਹਨ। ਇਸ ਤੋਂ ਇਲਾਵਾ ਦੇਸ਼ ਵਿੱਚ ਫਿਰਕਾ ਪ੍ਰਸਤੀ ਜਾਤ -ਪਾਤ ਅਤੇ ਨਫਰਤ ਦੀ ਰਾਜਨੀਤੀ ਲਾਗੂ ਕੀਤੀ ਜਾ ਰਹੀ ਹੈ। ਸਾਡੇ ਦੇਸ਼ ਦੇ ਧਰਮ ਨਿਰਪੱਖ ਸੰਵਿਧਾਨ ਨੂੰ ਖਤਰਾ ਪੈਦਾ ਹੋ ਗਿਆ ਹੈ। ਵੱਖ ਵੱਖ ਵਿਭਾਗਾਂ ਦਾ ਤੇਜ਼ੀ ਨਾਲ ਨਿੱਜੀਕਰਨ ਕੀਤਾ ਜਾ ਰਿਹਾ ਹੈ। ਬੇਰੁਜ਼ਗਾਰੀ ਅਤੇ ਮਹਿੰਗਾਈ ਦਿਨੋ ਦਿਨ ਵੱਧ ਰਹੀ ਹੈ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਵੱਖ ਵੱਖ ਫ਼ਸਲਾਂ ਤੇ ਐਮ ਐਸ ਪੀ ਦੀ ਗਰੰਟੀ ਦਾ ਕਾਨੂੰਨੀ ਪਾਸ ਕਰਨ, ਬਨੇਗਾ ਦਾ ਕਾਨੂੰਨ ਪਾਰਲੀਮੈਂਟ ਵਿੱਚ ਪਾਸ ਕਰਨ ਤੋਂ ਸਰਕਾਰ ਮੁਨਕਰ ਹੋ ਗਈ ਹੈ। ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੀ ਬਜਾਏ ਵੱਡੇ ਘਰਾਣਿਆਂ ਦੇ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ।ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਅੰਦੋਲਨਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ। ਆਗੂਆਂ ਨੇ ਅੱਗੇ ਕਿਹਾ ਕਿ 1 ਸਤੰਬਰ ਦੀ ਕੌਮੀ ਰੈਲੀ ਮੋਦੀ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਲਈ ਮਜਬੂਰ ਕਰਨ ਵਾਸਤੇ ਕੀਤੀ ਜਾ ਰਹੀ ਹੈ। ਆਗੂਆਂ ਨੇ ਐਲਾਨ ਕੀਤਾ ਕਿ 1 ਸਤੰਬਰ 2026 ਨੂੰ ਰਾਮ ਲੀਲਾ ਮੈਦਾਨ ਵਿਖੇ ਹੋ ਰਹੀ ਕੌਮੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਫਰੀਦਕੋਟ ਤੋਂ ਇੱਕ ਵੱਡਾ ਜੱਥਾ ਦਿੱਲੀ ਰੈਲੀ ਵਿੱਚ ਸ਼ਾਮਿਲ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਮੰਦਰ ਸਿੰਘ ਢੁੱਡੀ, ਮੇਟ ਕੁਲਦੀਪ ਕੌਰ ਕੋਟ ਸੁਖੀਆ ਚਰਨਜੀਤ ਸਿੰਘ ਮੈਂਬਰ ਧੂੜਕੋਟ, ਬਲਵਿੰਦਰ ਕੌਰ, ਰਾਣੀ ਕੌਰ, ਸੁਖਮੰਦਰ ਸਿੰਘ ਭੱਟੀ ਅਤੇ ਮੇਟ ਲਵਪ੍ਰੀਤ ਕੌਰ ਪਿਪਲੀ ਆਦਿ ਵੀ ਹਾਜ਼ਰ ਸਨ।

