ਉੱਚੀ ਛਾਲ ਵਿੱਚ 1.45 ਮੀਟਰ ਦੀ ਛਾਲ ਲਗਾ ਕੇ ਫਰੀਦਕੋਟ ਜ਼ਿਲ੍ਹੇ ਅਤੇ ਸਕੂਲ ਦਾ ਨਾਮ ਕੀਤਾ ਰੌਸ਼ਨ
ਫਰੀਦਕੋਟ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਟੇਟ ਚੈਂਪੀਅਨਸ਼ਿਪ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਮਿਤੀ 17 ਤੋਂ 18 ਨਵੰਬਰ 2026 ਤੱਕ ਕਰਵਾਈ ਗਈ। ਇਸ ਰਾਜ ਪੱਧਰੀ ਮੁਕਾਬਲੇ ਵਿੱਚ ਮਾਊਂਟ ਲਿਟਰਾ ਜੀ ਸਕੂਲ, ਫਰੀਦਕੋਟ ਦੀ ਹੋਣਹਾਰ ਅਥਲੀਟ ਪਵਨਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਲਈ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਪਵਨਪ੍ਰੀਤ ਕੌਰ ਨੇ ਅੰਡਰ-17 ਲੜਕੀਆਂ ਦੇ ਵਰਗ ਵਿੱਚ ਉੱਚੀ ਛਾਲ ਦੇ ਮੁਕਾਬਲੇ ਦੌਰਾਨ 1.45 ਮੀਟਰ ਦੀ ਸ਼ਾਨਦਾਰ ਛਾਲ ਲਗਾ ਕੇ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਵਨਪ੍ਰੀਤ ਦੀ ਇਹ ਸਫਲਤਾ ਉਸ ਦੀ ਲਗਨ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨ ਲਾਲ ਗੁਲਾਟੀ ਨੇ ਪਵਨਪ੍ਰੀਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਵੀ ਪਵਨਪ੍ਰੀਤ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਹੈ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ। ਇਸ ਮੌਕੇ ਸਕੂਲ ਦੇ ਡੀ.ਪੀ.ਈ. ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੇ ਵੀ ਪਵਨਪ੍ਰੀਤ ਕੌਰ ਨੂੰ ਵਧਾਈ ਦਿੱਤੀ ਅਤੇ ਉਸ ਦੀ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਮਾਊਂਟ ਲਿਟਰਾ ਜੀ ਸਕੂਲ ਪਰਿਵਾਰ ਨੇ ਪਵਨਪ੍ਰੀਤ ਦੀ ਇਸ ਸ਼ਾਨਦਾਰ ਜਿੱਤ ’ਤੇ ਮਾਣ ਮਹਿਸੂਸ ਕਰਦਿਆਂ ਉਸ ਦੇ ਸੁਨਹਿਰੀ ਭਵਿੱਖ ਅਤੇ ਆਉਣ ਵਾਲੇ ਮੁਕਾਬਲਿਆਂ ਵਿੱਚ ਹੋਰ ਵੱਡੀਆਂ ਸਫਲਤਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

