ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਤੇ ਖੇਤੀ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ
ਫਰੀਦਕੋਟ, 7 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼)
ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋ ਜਿਲ੍ਹਾ ਫਰੀਦਕੋਟ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲਾ 8 ਅਪ੍ਰੈਲ ਨੂੰ ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਲਾਇਆ ਜਾਵੇਗਾ। ਇਹ ਮੇਲਾ ਐਗਰੀਕਲਚਰ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਖਾਸ ਕਰਕੇ ਨਰਮਾ, ਮੱਕੀ, ਝੋਨਾ ਅਤੇ ਬਾਸਮਤੀ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲਾ 8 ਅਪ੍ਰੈਲ ਨੂੰ ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਤੇ ਅਮੋਲਕ ਸਿੰਘ ਵਿਧਾਇਕ ਜੈਤੋ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਕਰਨਗੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮੇਲੇ ਦਾ ਮੁੱਖ ਉਦੇਸ਼ “ਨਰਮਾ ਤੇ ਮੱਕੀ ਦੀ ਖੇਤੀ ਅਪਣਾਓ, ਝੋਨੇ ਦੀ ਖੇਤੀ ਤੋਂ ਛੁਟਕਾਰਾ ਪਾਓ” ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ, ਅਗਾਂਹਵਧੂ ਕਿਸਾਨ, ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸਬੰਧੀ ਤਜਰਬੇ ਸਾਂਝੇ ਕਰਕੇ ਤਕਨੀਕੀ ਜਾਣਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੀ.ਐਮ. ਸਕੀਮ ਤਹਿਤ ਕਿਸਾਨਾਂ ਦੀ ਈ.ਕੇ.ਵਾਈ.ਸੀ. ਆਧਾਰ ਸੀਡਿੰਗ ਅਤੇ ਲੈਂਡ ਸੀਡਿੰਗ ਕਰਨ ਲਈ ਵਿਸ਼ੇਸ਼ ਤੌਰ ’ਤੇ ਸਟਾਲ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੇਲੇ ਦੋਰਾਨ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਸਿਹਤ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ, ਸਹਿਤਕਾਰਤਾ ਵਿਭਾਗ, ਬੈਂਕ ਨਿੱਜੀ ਅਦਾਰੇ ਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ।