ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰਾਂ ਸੱਤਾਧਾਰੀ ਧਿਰ ਅਰਥਾਤ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਨਸ਼ਿਆਂ ਉੱਪਰ ਕਾਬੂ ਪਾਉਣ ’ਚ ਕਾਮਯਾਬ ਨਹੀਂ ਹੋ ਸਕੀ। ਅੱਜ ਜਿਲੇ ਦੇ ਪਿੰਡ ਡੱਲੇਵਾਲਾ ਵਿੱਚ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਨਸ਼ੇ ਦੀ ਭੇਂਟ ਚੜ ਜਾਣ ਕਾਰਨ ਇਲਾਕੇ ਵਿੱਚ ਸੋਗ ਅਤੇ ਮਾਤਮ ਦਾ ਮਾਹੌਲ ਪੈਦਾ ਹੋ ਗਿਆ, ਜਦਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੀਕੇਯੂ ਏਕਤਾ ਉਗਰਾਹਾਂ ਨੇ ਦੋਸ਼ ਲਾਇਆ ਕਿ ਜਿਲੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ, ਨਸ਼ਾ ਤਸਕਰਾਂ ਖਿਲਾਫ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਜਥੇਬੰਦੀ ਸੰਘਰਸ਼ ਕਰਨ ਤੋਂ ਗੁਰੇਜ ਨਹੀਂ ਕਰੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਡੱਲੇਵਾਲਾ ਦੇ 26 ਸਾਲਾ ਨੌਜਵਾਨ ਪਿ੍ਰਤਪਾਲ ਸਿੰਘ ਪੁੱਤਰ ਸਾਹਿਬ ਸਿੰਘ ਬਾਰੇ ਪਤਾ ਲੱਗਾ ਹੈ ਕਿ ਉਹ ਪਿਛਲੇ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ ਤੇ ਨਸ਼ੇ ਦੇ ਸੇਵਨ ਕਰਨ ਮੌਕੇ ਹੀ ਉਹ ਮੌਤ ਦੇ ਮੂੰਹ ਵਿੱਚ ਜਾ ਪਿਆ। ਮਿ੍ਰਤਕ ਦੇ ਪਿਤਾ ਮੁਤਾਬਿਕ ਪਿ੍ਰਤਪਾਲ ਸਿੰਘ ਪੈਟਰੋਲ ਪੰਪ ’ਤੇ ਕੰਮ ਕਰਦਾ ਸੀ ਅਤੇ ਡਿਊਟੀ ਖਤਮ ਕਰਕੇ ਘਰ ਆਇਆ, ਦੋ ਹੋਰ ਨੌਜਵਾਨ ਘਰ ਅੰਦਰ ਦਾਖਲ ਹੋਏ, ਜਿੰਨਾ ਨੇ ਪਿ੍ਰਤਪਾਲ ਨੂੰ ਨਸ਼ੀਲੀ ਚੀਜ ਪਿਲਾਈ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਮਿ੍ਰਤਕ ਦੇ ਚਾਚਾ ਹਰਮੀਤ ਸਿੰਘ ਮੈਂਬਰ ਪੰਚਾਇਤ ਮੁਤਾਬਿਕ ਉਹਨਾਂ ਦੇ ਪਿੰਡ ਵਿੱਚ ਸ਼ਰੇਆਮ ਨਸ਼ਾ ਤਸਕਰੀ ਹੋ ਰਹੀ ਹੈ। ਡੀਐੱਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਮੁਤਾਬਿਕ ਮਿ੍ਰਤਕ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।