ਕੋਟਕਪੂਰਾ, 22 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਸਮੂਹ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਭਲਾਈ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੈਦਾਨੀ ਪੱਧਰ ’ਤੇ ਕੰਮ ਕਰ ਰਹੀਆਂ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਇਸ ਮੁਹਿੰਮ ਵਿੱਚ ਬਹੁਤ ਮਹੱਤਵਪੂਰਨ ਹੈ। ਸਪੀਕਰ ਸੰਧਵਾਂ ਨੇ ਹਦਾਇਤ ਕੀਤੀ ਕਿ ਘਰ-ਘਰ ਜਾ ਕੇ ਯੋਗ ਲਾਭਪਾਤਰੀਆਂ ਦੀ ਪਛਾਣ ਕੀਤੀ ਜਾਵੇ ਅਤੇ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਸਕੀਮ ਤੋਂ ਵਾਂਝਾ ਨਾ ਰਹੇ। ਇਸ ਉਪਰੰਤ ਉਨ੍ਹਾਂ ਆਪਣੇ ਦਫਤਰ ਵਿੱਚ ਹਲਕੇ ਦੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਧਿਆਨ ਨਾਲ ਸੁਣੀਆਂ ਗਈਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ।
