-‘ਸਾਫ਼ ਤੇ ਸੋਹਣੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ: ਹਡਾਣਾ
ਸਨੌਰ, 30 ਅਗਸਤ:(ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਨਗਰ ਕੌਂਸਲ ਸਨੌਰ ਦੇ ਅਧਿਕਾਰੀਆਂ, ਸਫ਼ਾਈ ਕਰਮਚਾਰੀਆਂ ਅਤੇ ਵਲੰਟੀਅਰਾਂ ਨਾਲ ਮਿਲ ਕੇ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ। ਇਸ ਮੌਕੇ ਉਨ੍ਹਾਂ ਖੁਦ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈ ਕੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਲਖਵੀਰ ਸਿੰਘ ਕਾਰਜ ਸਾਧਕ ਅਫਸਰ, ਯੁਵਰਾਜ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਕੌਂਸਲਰ, ਵਿਕਾਸ ਅਟਵਾਲ ਕੌਂਸਲਰ, ਮਨਮੀਤ ਸਿੰਘ ਮੁੰਨਾ ਆਪ ਆਗੂ, ਬੱਬੂ ਆਪ ਆਗੂ, ਨੰਦ ਲਾਲ ਪ੍ਰਧਾਨ ਸਫਾਈ ਸੇਵਕ ਯੂਨੀਅਨ, ਹੋਰ ਸੀਨੀਅਰ ‘ਆਪ’ ਆਗੂ, ਸਫ਼ਾਈ ਸੇਵਕ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਮਿਸ਼ਨ ਕਲੀਨ ਪੰਜਾਬ’ ਇੱਕ ਨਰੋਏ, ਤੰਦਰੁਸਤ ਅਤੇ ਪ੍ਰਦੂਸ਼ਣ-ਮੁਕਤ ਪੰਜਾਬ ਦੀ ਸਿਰਜਣਾ ਵੱਲ ਇਤਿਹਾਸਕ ਕਦਮ ਹੈ। ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਬਣਾਉਣਾ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦਾ ਹੀ ਕੰਮ ਨਹੀਂ, ਸਗੋਂ ਇਹ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਅਤੇ ਸਾਂਝੀ ਜ਼ਿੰਮੇਵਾਰੀ ਹੈ।”
ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਇਸ 10 ਰੋਜ਼ਾ ਵਿਸ਼ੇਸ਼ ਅਭਿਆਨ ਦੌਰਾਨ ਸ਼ਹਿਰ ਦੇ ਮੁੱਖ ਰਸਤਿਆਂ, ਵਾਰਡਾਂ, ਕੂੜੇ ਵਾਲੀਆਂ ਥਾਵਾਂ ਅਤੇ ਜਨਤਕ ਥਾਵਾਂ ਦੀ ਗੰਭੀਰਤਾ ਨਾਲ ਸਫ਼ਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੇ ਦੁਕਾਨਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ ਕਰਕੇ ਹੀ ਸਫ਼ਾਈ ਸੇਵਕਾਂ ਨੂੰ ਦੇਣ ਅਤੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਤੋਂ ਗੁਰੇਜ਼ ਕਰਨ।
ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਮਰਪਿਤ ਸਫ਼ਾਈ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕਾ ਸਨੌਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਫ਼ਾਈ ਪੱਖੋਂ ਮੋਹਰੀ ਬਣਾਉਣ ਲਈ ਲਗਾਤਾਰ ਠੋਸ ਯਤਨ ਜਾਰੀ ਰਹਿਣਗੇ।
ਫੋਟੋ – ਸਫਾਈ ਅਭਿਆਨ ਦੌਰਾਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਤੇ ਹੋਰ

