ਬਾਬਾ ਫਰੀਦ ਯੂਨੀਵਰਸਿਟੀ ਵਿੱਚ 77 ਨੌਜਵਾਨਾਂ ਨੂੰ ਮਿਲੀ ਪੱਕੀ ਨੌਕਰੀ
ਕੋਟਕਪੂਰਾ, 23 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਦੀ ਯਤਨਸ਼ੀਲ ਕੋਸ਼ਿਸ਼ ਦੌਰਾਨ ‘ਮਿਸ਼ਨ ਰੋਜ਼ਗਾਰ’ ਦੇ ਜ਼ਰੀਏ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਮਿਸ਼ਨ ਤਹਿਤ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਵਿਖੇ 77 ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਤਕਸੀਮ ਕੀਤੇ। ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਸੂਦ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਤੇ ਰੋਜ਼ਗਾਰ ਖੇਤਰ ਨੂੰ ਨਵੀਂ ਰਫਤਾਰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ 77 ਨਵੇਂ ਕਰਮਚਾਰੀ ਹੁਣ ਯੂਨੀਵਰਸਿਟੀ ਪਰਿਵਾਰ ਦਾ ਹਿੱਸਾ ਬਣ ਗਏ ਹਨ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਪੂਰੀ ਲਗਨ ਨਾਲ ਕੰਮ ਕਰਦੇ ਹੋਏ ਯੂਨੀਵਰਸਿਟੀ ਅਤੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਦੱਸਿਆ ਕਿ ਇਹ 77 ਕਰਮਚਾਰੀ ਹੈਲਪਰ ਦੇ ਤੌਰ ਤੇ ਬਾਬਾ ਫਰੀਦ ਯੂਨੀਵਰਸਿਟੀ ਅਤੇ ਉਸ ਦੇ ਕੰਸਟੀਚੁਐਂਟ ਕਾਲਜਾਂ ਵਿੱਚ ਕੰਮ ਕਰਨਗੇ। ਇਸ ਮੌਕੇ ਰਜਿਸਟਰਾਰ ਸ਼੍ਰੀ ਅਰਵਿੰਦ ਕੁਮਾਰ, ਅਡੀਸ਼ਨਲ ਰਜਿਸਟਰਾਰ ਡਾ. ਰੋਹਿਤ ਚੋਪੜਾ, ਡਾ. ਨੀਤੂ ਕੁੱਕੜ (ਪ੍ਰੋ. ਇੰਚਾਰਜ, ਅਮਲਾ ਸ਼ਾਖਾ) ਅਤੇ ਯੂਨੀਵਰਸਿਟੀ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।