ਚੱਲ ਰਹੇ ਵਿਕਾਸ ਕਾਰਜਾਂ ‘ਚ ਲਿਆਂਦੀ ਜਾਵੇ ਤੇਜ਼ੀ
ਬਠਿੰਡਾ, 3 ਜੁਲਾਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ‘ਚ ਜਿਥੇ ਹੋਰ ਤੇਜ਼ੀ ਲਿਆਂਦੀ ਜਾਵੇ ਉਥੇ ਹੀ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤਰੁੰਤ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਅਧੀਨ ਰੰਗਲਾ ਪੰਜਾਬ ਸਕੀਮ ਤਹਿਤ ਪੈਂਦੇ ਖੇਡਾਂ ਮੈਦਾਨਾਂ, ਛੱਪੜਾਂ, ਜਲ ਘਰਾਂ, ਲਾਇਬ੍ਰੇਰੀਆਂ ਅਤੇ ਪਾਰਕਾਂ ਆਦਿ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਖ-ਵੱਖ ਪਿੰਡਾਂ ਅਤੇ ਸਹਿਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇਰੀ ਦੇ ਜਲਦ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਦੂਸਰੇ ਵਿਕਾਸ ਕਾਰਜ ਉਦੋਂ ਹੀ ਸ਼ੁਰੂ ਕੀਤੇ ਜਾਣ ਜਦੋਂ ਤੱਕ ਪਹਿਲਾ ਵਾਲੇ ਕੰਮ ਮੁਕੰਮਲ ਨਾ ਹੋ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਬਲਕਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਭਿਨਵ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

