ਫਰੀਦਕੋਟ , 27 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੁਲਾਜਮ ਤੇ ਪੈਨਸ਼ਨ ਸਾਂਝਾ ਫਰੰਟ ਦੀ ਸੂਬਾ ਕਮੇਟੀ ਵਲੋਂ ਪੰਜਾਬ ਸਰਕਾਰ ਖਿਲਾਫ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਫਰੀਦਕੋਟ ਜਿਲ੍ਹੇ ’ਚ ਲਾਗੂ ਕਰਨ ਲਈ ਅੱਜ ਜਿਲ੍ਹੇ ਦੀਆਂ ਮੁਲਾਜਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਪੈਨਸ਼ਨਰ ਆਗੂ ਹਰਜਿੰਦਰ ਸਿੰਘ ਧਾਲੀਵਾਲ ਸੇਵਾਮੁਕਤ ਡੀ.ਐੱਸ.ਪੀ. ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂਆਂ ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਚੰਦ ਸਿੰਘ ਡੋਡ, ਬਲਵਿੰਦਰ ਰਾਮ ਸ਼ਰਮਾ, ਬਲਵਿੰਦਰ ਸਿੰਘ ਬਰਾੜ, ਇਕਬਾਲ ਸਿੰਘ, ਕੁਲਵੰਤ ਸਿੰਘ ਜੌਹਲ, ਰਾਮ ਪ੍ਰਕਾਸ਼ ਤੇ ਬਲਕਾਰ ਸਿੰਘ ਸਹੋਤਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਗਿਣੀ ਮਿਥੀ ਸਾਜਿਸ ਤਹਿਤ ਨਜਰ ਅੰਦਾਜ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 28 ਅਕਤੂਬਰ ਨੂੰ ਸਵੇਰੇ 10:00 ਵਜੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਸਾਹਮਣੇ ਰੈਲੀ ਕਰਨ ਤੋਂ ਬਾਅਦ ਫਰੀਦਕੋਟ ਸ਼ਹਿਰ ਦੇ ਬਾਜਾਰਾਂ ’ਚ ਰੋਸ ਮਾਰਚ ਕੀਤਾ ਜਾਵੇਗਾ ਅਤੇ ਬਾਅਦ ’ਚ ਬੱਸ ਅੱਡੇ ਸਾਹਮਣੇ ਮੁੱਖ ਮੰਤਰ ਪੰਜਾਬ ਦਾ ਪੁਤਲਾ ਫੂਕਿਆ ਜਾਵੇਗਾ। ਇਸ ਤੋਂ ਬਾਅਦ 7 ਨਵੰਬਰ ਨੂੰ ਫਰੀਦਕੋਟ ਜਿਲ੍ਹੇ ਦੇ ਮੁਲਾਜਮ ਅਤੇ ਪੈਨਸ਼ਨਰ ਵੱਡੀ ਗਿਣਤੀ ’ਚ ਆਪਣੇ ਆਪਣੇ ਸਾਧਨਾਂ ਰਾਹੀਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰ ’ਚ ਝੰਡਾ ਮਾਰਚ ਕਰਨਗੇ।

