ਕੋਟਕਪੂਰਾ, 12 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਸਬ ਤਹਿਸੀਲ ਵਿਖੇ ਇਕੱਠੇ ਹੋ ਕੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਤੋਂ ਭਗੌੜਾ ਹੋ ਚੁੱਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਵਿੱਤ ਮੰਤਰੀ ਤੇ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵੱਲੋਂ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਐਨ ਮੌਕੇ ‘ਤੇ ਆ ਕੇ ਮੀਟਿੰਗਾਂ ਮੁਲਤਵੀ ਕਰਨ ਦੇ ਰੋਸ ਵਜੋਂ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖਿਲਾਫ ਤਿੱਖੀ ਨਾਹਰੇਬਾਜੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸੰਬੋਧਨ ਕਰਦੇ ਹੋਏ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਚੰਦ ਸਿੰਘ ਡੋਡ, ਕੁਲਵੰਤ ਸਿੰਘ ਚਾਨੀ, ਅਸ਼ੋਕ ਕੌਸ਼ਲ, ਰਵੀਕਿਰਨ ਸਿੰਘ, ਅਸ਼ੋਕ ਸੇਠੀ, ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਪਿਛਲੇ ਲਗਭਗ ਸਾਢੇ ਤਿੰਨ ਸਾਲਾਂ ਤੋਂ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਗਈ ਨਾਂਹ ਪੱਖੀ ਪਹੁੰਚ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਹੁਤ ਸਾਰੇ ਮਸਲੇ ਲਮਕ ਅਵਸਥਾ ਵਿੱਚ ਪਏ ਹਨ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਾਢੇ ਪੰਜ ਸਾਲਾਂ ਦਾ ਤਨਖਾਹਾਂ ਅਤੇ ਪੈਨਸ਼ਨਾਂ ਦਾ ਬਣਦਾ ਬਕਾਇਆ ਯਕਮੁਸ਼ਤ ਤੁਰੰਤ ਜਾਰੀ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 13 ਫੀਸਦੀ ਚਾਰ ਕਿਸ਼ਤਾਂ ਅਤੇ ਪਿਛਲੀਆਂ ਕਿਸ਼ਤਾਂ ਦਾ ਰਹਿੰਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਸਮੂਹ ਕੱਚੇ, ਠੇਕਾ ਅਧਾਰਤ, ਆਊਟ ਸੌਰਸ ਮੁਲਾਜ਼ਮਾਂ ਅਤੇ ਵੱਖ-ਵੱਖ ਸਕੀਮਾ ਆਸ਼ਾ ਵਰਕਰਜ਼, ਆਂਗਨਵਾੜੀ ਵਰਕਰਜ਼, ਮਿਡ ਡੇ ਮੀਲ ਵਰਕਰਜ਼ ਆਦਿ ਸਕੀਮ ਵਰਕਰਾਂ ਨੂੰ ਪੂਰੇ ਤਨਖਾਹ ਸਕੇਲਾਂ ਵਿੱਚ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਤੁਰੰਤ ਬਹਾਲ ਕੀਤੀ ਜਾਵੇ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਮੰਗ ਪੱਤਰ ਵਿੱਚ ਦਰਜ ਸਮੂਹ ਮੰਗਾਂ ਦਾ ਪੰਜਾਬ ਸਰਕਾਰ ਵੱਲੋਂ ਤੁਰੰਤ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਰੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਲਗਾਤਾਰ ਤਿੱਖੇ ਐਕਸ਼ਨ ਕਰਕੇ ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰਾ ਲੋਕਾਂ ਦੀ ਕਚਹਿਰੀ ਵਿੱਚ ਸਮੇਂ ਸਮੇਂ ਜਾ ਕੇ ਨੰਗਾ ਕੀਤਾ ਜਾਵੇਗਾ। ਇੱਕ ਮਤੇ ਰਾਹੀਂ ਸੰਸਾਰ ਦੇ ਵੱਡੇ ਸਾਮਰਾਜੀ ਚੌਧਰੀ ਟਰੰਪ ਵੱਲੋਂ ਭਾਰਤ ਵਰਗੇ ਵਿਸ਼ਾਲ ਦੇਸ਼ ਖਿਲਾਫ਼ ਭੰਡੀ ਪ੍ਰਚਾਰ ਕਰਨ, ਧਮਕੀਆਂ ਦੇਣ ਅਤੇ ਭਾਰਤੀ ਸਮਾਨ ‘ਤੇ 50 ਫ਼ੀਸਦੀ ਟੈਰਿਫ ਲਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਸਾਮਰਾਜ ਦੇ ਦਬਾਅ ਹੇਠ ਉਸਦੀਆਂ ਕਿਸਾਨ ਮਾਰੂ ਵਪਾਰਕ ਸ਼ਰਤਾਂ ਮੰਨਣ ਦੀ ਬਜਾਏ ਉਸ ਨੂੰ ਠੋਕਵਾਂ ਜਵਾਬ ਦੇਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਮਨਾਥ ਅਰੋੜਾ, ਰਮੇਸ਼ ਕੁਮਾਰ ਕੌਸ਼ਲ, ਰੂਪ ਚੰਦ ਸ਼ਰਮਾ, ਚਰਨਜੀਤ ਸਿੰਘ, ਰੌਸ਼ਨ ਲਾਲ ਅਤੇ ਕੁਲਦੀਪ ਸਿੰਘ ਆਦਿ ਵੀ ਹਾਜ਼ਰ ਸਨ।