ਕੋਟਕਪੂਰਾ, 10 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਜਥੇਬੰਦੀ ਦੇ ਦਫਤਰ ਵਿੱਚ ਪ੍ਰਿੰਸੀਪਲ ਨਵਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਸੋਮਨਾਥ ਅਰੋੜਾ, ਤਰਸੇਮ ਨਰੂਲਾ, ਗੁਰਚਰਨ ਸਿੰਘ ਮਾਨ, ਪ੍ਰਿੰਸੀਪਲ ਬਲਵੀਰ ਸਿੰਘ ਬਰਾੜ ਅਤੇ ਪਰਦੀਪ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਵਾ ਤਿੰਨ ਸਾਲਾਂ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਅਤੇ ਬਹੁਤ ਸਾਰੇ ਹੋਰ ਰਾਜਾਂ ਨਾਲੋਂ ਬੁਰੀ ਤਰ੍ਹਾਂ ਪਛੜ ਗਈ ਹੈ। ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਸ ਸਮੇਂ 42 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ, ਜਦਕਿ ਕੇਂਦਰ ਅਤੇ ਬਹੁਤ ਸਾਰੇ ਰਾਜਾਂ ਦੇ ਮੁਲਾਜ਼ਮ ਇਸ ਸਮੇਂ 55 ਫੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ ਅਤੇ ਪੰਜਾਬ ਦੀ ਸਾਰੀ ਉੱਚ ਅਫਸਰ ਸ਼ਾਹੀ 55 ਫੀਸਦੀ ਡੀ ਏ ਲੈ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਰਾਜਨੀਤਿਕ ਮਨੋਰਥਾਂ ਦੀ ਪੂਰਤੀ ਕਰਨ ਲਈ ਲਗਾਤਾਰ ਝੂਠੀ ਇਸ਼ਤਿਹਾਰਬਾਜ਼ੀ ਕਰਕੇ ਅਤੇ ਕਈ ਕਿਸਮ ਦੇ ਹੋਰ ਨਜਾਇਜ਼ ਖਰਚੇ ਕਰਕੇ ਪੰਜਾਬ ਸਿਰ ਦਿਨੋ ਦਿਨ ਕਰਜੇ ਦੀ ਪੰਡ ਹੋਰ ਭਾਰੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਨਾਲ ਕੀਤੇ ਗਏ ਬਹੁਤ ਸਾਰੇ ਵਾਅਦਿਆਂ ਤੋਂ ਸਰਕਾਰ ਸ਼ਰੇਆਮ ਮੁੱਕਰਦੀ ਨਜ਼ਰ ਆ ਰਹੀ ਹੈ, ਜਿਨ੍ਹਾਂ ਵਿੱਚ ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਕਰਨਾ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਸੋਧੇ ਤਨਖਾਹ ਸਕੇਲਾਂ ਦਾ ਬਣਦਾ ਬਕਾਇਆ ਯਕਮੁਸ਼ਤ ਨਾ ਦੇਣਾ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਚਾਰ ਕਿਸ਼ਤਾਂ ਨਾ ਦੇਣਾ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨਾ, ਅਦਾਲਤਾਂ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਕੀਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਦੀ ਬਜਾਏ ਹੋਰ ਲਮਕਾਉਣਾ ਆਦਿ ਮੁੱਖ ਤੌਰ ’ਤੇ ਸ਼ਾਮਿਲ ਹਨ। ਮੀਟਿੰਗ ਦੌਰਾਨ ਪਿਛਲੇ ਦਿਨੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤਹਿਸੀਲਾਂ ਅਤੇ ਜ਼ਿਲ੍ਹਾ ਪੱਧਰ ’ਤੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਦੇ ਐਕਸ਼ਨ ਪ੍ਰੋਗਰਾਮਾਂ ਵਿੱਚ ਪੈਨਸ਼ਨਰਾਂ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਤੋਂ ਇਲਾਵਾ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਅਮਰੀਕੀ ਸਾਮਰਾਜ ਅਤੇ ਯੂ.ਕੇ. ਅੱਗੇ ਗੋਡੇ ਟੇਕਣ ਅਤੇ ਕੇਂਦਰ ਸਰਕਾਰ ਦੀ ਕਮਜ਼ੋਰ ਵਿਦੇਸ਼ ਨੀਤੀ ਦੇ ਵਿਰੋਧ ਵਿੱਚ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 13 ਅਗਸਤ ਨੂੰ ਮਨਾਏ ਜਾ ਰਹੇ ਦੇਸ਼ ਵਿਆਪੀ ਵਿਰੋਧ ਦਿਵਸ ਨੂੰਜ਼ਲ੍ਹਾ ਫਰੀਦਕੋਟ ਵਿੱਚ ਪੂਰੀ ਤਿਆਰੀ ਨਾਲ ਸਫਲ ਬਣਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੌਰਾਨ 12 ਅਗਸਤ ਨੂੰ ਸਬ ਤਹਿਸੀਲ ਸਾਦਿਕ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਪ੍ਰੋਗਰਾਮ ਅਨੁਸਾਰ ਰੋਸ ਰੈਲੀ ਕਰਕੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕਣ ਦੇ ਐਕਸ਼ਨ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਜਸਵਿੰਦਰ ਸਿੰਘ ਬਰਾੜ, ਹਰਦੇਵ ਸਿੰਘ ਗਿੱਲ, ਜਸਪਾਲ ਸਿੰਘ, ਗੁਰਕੀਰਤ ਸਿੰਘ, ਮਲਕੀਤ ਸਿੰਘ ਢਿਲਵਾਂ, ਗੁਰਦੀਪ ਕੌਰ ਪ੍ਰਿੰਸੀਪਲ, ਰਮੇਸ਼ਵਰ ਸਿੰਘ ਸੁਪਰਡੈਂਟ, ਹਰਦੀਪ ਸਿੰਘ ਫਿੱਡੂ ਭਲਵਾਨ, ਲੈਕ. ਹਾਕਮ ਸਿੰਘ ਬੁਰਜ ਹਰੀਕਾ, ਮੰਦਰ ਸਿੰਘ ਲੈਕਚਰਾਰ ਆਦਿ ਵੀ ਹਾਜ਼ਰ ਸਨ।