ਮੁਲਾਜ਼ਮ ਅਤੇ ਪੈਨਸ਼ਨਰ ਭਗਵੰਤ ਮਾਨ ਸਰਕਾਰ ਖਿਲਾਫ ਸੰਗਰੂਰ ਵਿਖੇ ਲੱਗੇ ਸੱਤ ਰੋਜ਼ਾ ਪੱਕੇ ਮੋਰਚੇ ਵਿੱਚ ਅੱਜ ਕਰਨਗੇ ਭਰਵੀਂ ਸ਼ਮੂਲੀਅਤ
ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਝੂਠੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਕੋਟਕਪੂਰਾ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਇੱਕ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਪੈਨਸ਼ਨਰ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਵੱਖ ਵੱਖ ਵਿਅਕਤੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਮੁੱਖ ਸਲਾਹਕਾਰ ਬਲਦੇਵ ਸਿੰਘ ਸਹਿਦੇਵ, ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ,
ਅਸ਼ੋਕ ਕੌਸ਼ਲ, ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਤਰਸੇਮ ਨਰੂਲਾ, ਮੰਦਰ ਸਿੰਘ ਲੈਕਚਰਾਰ, ਕੁਲਜੀਤ ਸਿੰਘ ਬੰਬੀਹਾ, ਜਸਵਿੰਦਰ ਸਿੰਘ ਬਰਾੜ ਸੇਵਾਮੁਕਤ ਪੇਂਡੂ ਵਿਕਾਸ ਅਧਿਕਾਰੀ ਅਤੇ ਅਮਰਜੀਤ ਕੌਰ ਛਾਬੜਾ ਨੇ ਪਿਛਲੇ ਸਮੇਂ ਦੌਰਾਨ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਭਗਵੰਤ ਮਾਨ ਸਰਕਾਰ ਖਿਲਾਫ ਹੋਏ ਵੱਖ ਵੱਖ ਐਕਸ਼ਨਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਜਾ ਰਹੀ ਭਰਵੀਂ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਿਰਫ 8 ਫੀਸਦੀ ਅਤੇ 3 ਫੀਸਦੀ ਡੀ ਏ ਦੇਣ ਸਮੇਂ ਜਾਰੀ ਕੀਤੇ ਗਏ ਪੱਤਰਾਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਡੀ ਏ ਨੂੰ ਕੇਂਦਰੀ ਪੈਟਰਨ ਨਾਲੋਂ ਡੀਲਿੰਕ ਕਰਨ ਦੀ ਕੋਝੀ ਕਾਰਵਾਈ ਕਰਾਰ ਦਿੱਤਾ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਕੱਲ੍ਹ ਮਿਤੀ 19 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਲਗਾਏ ਗਏ 7 ਰੋਜ਼ਾ ਪੱਕੇ ਮੋਰਚੇ ਦੇ ਆਖਰੀ ਦਿਨ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਸਬੰਧਤ ਏਟਕ ਨਾਲ ਸਬੰਧਤ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਕਾਇਆ ਪਈਆਂ ਡੀ ਲਾ.ਏ ਦੀਆਂ ਸਾਰੀਆਂ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਨਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਮਿਤੀ 15 ਜਨਵਰੀ 2015 ਅਤੇ ਮਿਤੀ 17 ਜੁਲਾਈ 2020 ਦੇ ਪੱਤਰ ਤੁਰੰਤ ਵਾਪਿਸ ਲਏ ਜਾਣ, ਸਮੂਹ ਸਕੀਮ ਵਰਕਰਾਂ ਵਾਸਤੇ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕੀਤਾ ਜਾਵੇ, ਆਮ ਆਦਮੀ ਪਾਰਟੀ ਵੱਲੋਂ ਸਾਲ 2022 ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਦੇ ਪੈਨਸ਼ਨਰਾਂ ਨਾਲ ਕੀਤੇ ਗਏ ਸਾਰੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੇ ਗਏ ਸਾਰੇ ਫੈਸਲੇ ਤੁਰੰਤ ਸਹੀ ਦਿਸ਼ਾ ਵਿੱਚ ਲਾਗੂ ਕਰਦੇ ਹੋਏ ਜਨਰਲਾਇਜ਼ ਕੀਤੇ ਜਾਣ। ਇਸ ਉਪਰੰਤ ਪੈਨਸ਼ਨਰਾਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ 18 ਨਵੰਬਰ 2022 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਚਾਰ ਸਾਲਾਂ ਬਾਅਦ ਵੀ ਲਾਗੂ ਨਾ ਕਰਨ ਨੂੰ ਝੂਠਾ ਨੋਟੀਫਿਕੇਸ਼ਨ ਕਰਾਰ ਦਿੰਦੇ ਹੋਏ ਇਸ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਮੁਖਤਿਆਰ ਸਿੰਘ ਮੱਤਾ, ਗੁਰਚਰਨ ਸਿੰਘ ਮਾਨ, ਗੇਜ਼ ਰਾਮ ਭੌਰਾ, ਸੁਖਮੰਦਰ ਸਿੰਘ ਰਾਮਸਰ, ਪ੍ਰਿੰਸੀਪਲ ਹਰੀ ਚੰਦ ਧਿੰਗੜਾ, ਤਾਰਾ ਸਿੰਘ ਲੈਕਚਰਾਰ, ਹਰਦੀਪ ਸਿੰਘ ਲੈਕਚਰਾਰ , ਰੰਜੀਵ ਕੌਸ਼ਲ ਸਿਹਤ ਵਿਭਾਗ, ਜਸਪਾਲ ਸਿੰਘ, ਵਿਨੋਦ ਕੁਮਾਰ ਧਵਨ ਲੈਕਚਰਾਰ, ਹਰਦੇਵ ਸਿੰਘ ਗਿੱਲ, ਬਲਵਿੰਦਰ ਸਿੰਘ ਬਰਾੜ, ਗੁਲਵੰਤ ਸਿੰਘ ਔਲਖ, ਸੁਖਦਰਸ਼ਨ ਸਿੰਘ ਗਿੱਲ, ਕੁਲਦੀਪ ਸਿੰਘ ਸਹਿਦੇਵ, ਮਲਕੀਤ ਸਿੰਘ ਢਿੱਲਵਾਂ ਅਤੇ ਬਲਵਿੰਦਰ ਸਿੰਘ ਸਿੱਧੂ ਬਰਾੜ ਆਦਿ ਵੀ ਹਾਜ਼ਰ ਸਨ।

