ਕੋਟਕਪੂਰਾ, 7 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਭਾਣਾ ਤੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦੀ ਹੈ ਅਤੇ ਇਸ ਯੋਜਨਾ ਰਾਹੀਂ ਬੁਜ਼ੁਰਗਾਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋਕ-ਕਲਿਆਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਆਵਾਜਾਈ ਸਮੇਤ ਸਾਰੀਆਂ ਮੁੱਢਲੀਆਂ ਸਹੂਲਤਾਂ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਯਾਤਰੀ ਆਰਾਮਦਾਇਕ ਅਤੇ ਸੁਰੱਖਿਅਤ ਤਰੀਕੇ ਨਾਲ ਆਪਣੀ ਯਾਤਰਾ ਪੂਰੀ ਕਰ ਸਕਣ। ਇਸੇ ਤਰਾਂ ਅੱਜ ਫ਼ਰੀਦਕੋਟ ਹਲਕੇ ਦੇ ਪਿੰਡ ਸਾਧਾਂਵਾਲਾ ਅਤੇ ਜੈਤੋ ਹਲਕੇ ਦੇ ਪਿੰਡ ਪੰਜਗਰਾਈਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੇ ਜੱਥੇ ਨਾਲ ਅੰਮ੍ਰਿਤਸਰ ਸਾਹਿਬ ਲਈ ਬੱਸਾਂ ਰਵਾਨਾ ਹੋਈਆਂ। ਇਸ ਮੌਕੇ ਬਲਦੇਵ ਸਿੰਘ ਸਰਪੰਚ, ਪਿੰਡ ਦੇ ਵੱਡੀ ਗਿਣਤੀ ਵਿੱਚ ਸ਼ਰਧਾਲੂ, ਪਤਵੰਤੇ ਅਤੇ ਸਥਾਨਕ ਲੋਕ ਹਾਜ਼ਰ ਸਨ, ਜਿਨ੍ਹਾਂ ਨੇ ਇਸ ਲੋਕ-ਹਿਤੈਸ਼ੀ ਯੋਜਨਾ ਲਈ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ।
