ਫ਼ਰੀਦਕੋਟ/ਕੋਟਕਪੂਰਾ, 14 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਮ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉੱਤਰੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਚੋਣਾਂ ਦੌਰਾਨ ਦਿੱਤੀਆਂ ਆਪਣੀਆਂ ਮੁੱਖ ਗਾਰੰਟੀਆਂ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕਰਕੇ ਇਤਿਹਾਸ ਰਚਿਆ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਫਰੀਦਕੋਟ ਦੇ ਜ਼ਿਲ੍ਹਾ ਸਕੱਤਰ ਅਤੇ ਨੈਸ਼ਨਲ ਅਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਬੀਤੇ ਦਹਾਕਿਆਂ ਵਿੱਚ ਹੋਰਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਜਨਤਾ ਨਾਲ ਸਿਰਫ਼ ਝੂਠੇ ਵਾਅਦੇ ਕੀਤੇ, ਜਦਕਿ ‘ਆਪ’ ਸਰਕਾਰ ਨੇ ਜੋ ਕਿਹਾ, ਉਹ ਕਰਕੇ ਦਿਖਾਇਆ। ਉਨ੍ਹਾਂ ਭਗਵੰਤ ਮਾਨ ਸਰਕਾਰ ਦੀਆਂ ਪ੍ਰਮੁੱਖ ਗਾਰੰਟੀਆਂ ਅਤੇ ਹੋਰ ਅਹਿਮ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿਲ ਜ਼ੀਰੋ (0) ਆ ਰਿਹਾ ਹੈ, ਜਿਸ ਨਾਲ ਹਰ ਆਮ ਪਰਿਵਾਰ ਨੂੰ ਆਰਥਿਕ ਰਾਹਤ ਮਿਲੀ ਹੈ। ਉਹਨਾਂ ਦੱਸਿਆ ਕਿਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਦੇ 40,000 ਤੋਂ ਵੱਧ ਪੰਜਾਬੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਰਾਜ ਭਰ ਵਿੱਚ ਸੈਂਕੜੇ ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਅਤੇ ਬਿਹਤਰ ਇਲਾਜ ਸੁਵਿਧਾਵਾਂ ਮਿਲ ਰਹੀਆਂ ਹਨ। ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕਰਕੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਕੀਤਾ ਗਿਆ ਹੈ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਲਈ ਫਿਨਲੈਂਡ ਅਤੇ ਸਿੰਗਾਪੁਰ ਭੇਜਿਆ ਗਿਆ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕੀਤਾ ਗਿਆ ਹੈ। ਸੂਬੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਖੇਤੀ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਅਤੇ ਟੇਲਾਂ (ਆਖਰੀ ਖੇਤ) ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿਸ ਨਾਲ ਕਿਸਾਨੀ ਨੂੰ ਵੱਡਾ ਸੰਬਲ ਮਿਲਿਆ ਹੈ। ਦੇਸ਼ ਦੀ ਰੱਖਿਆ ਕਰਦਿਆਂ ਸ਼ਹੀਦ ਹੋਣ ਵਾਲੇ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਜ਼ੀਰੋ ਟੋਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਰਾਹੀਂ ਭ੍ਰਿਸ਼ਟ ਅਧਿਕਾਰੀਆਂ ‘ਤੇ ਸ਼ਿਕੰਜਾ ਕੱਸਿਆ ਗਿਆ ਹੈ। ਪੰਜਾਬ ਦੀਆਂ ਔਰਤਾਂ ਨਾਲ 1000 ਰੁਪਏ ਵਾਲੀਆਂ ਗਰੰਟੀ ਨੂੰ ਪੂਰਾ ਕਰਕੇ ਉਹਨਾਂ ਦੇ ਖਾਤਿਆਂ ਵਿਚ ਰਾਸ਼ੀ ਟਰਾਂਫਰ ਕੀਤੀ। ਡਾ. ਹਰਪਾਲ ਸਿੰਘ ਢਿੱਲਵਾਂ ਨੇ ਅੰਤ ਵਿੱਚ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤ ਦੇ ਫੈਸਲੇ ਨਿਰੰਤਰ ਜਾਰੀ ਰਹਿਣਗੇ।

