ਕੋਟਕਪੂਰਾ, 7 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਬਲਾਕ ਪ੍ਰਧਾਨਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਵਸਨੀਕਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਯੋਜਨਾ 15 ਜਨਵਰੀ ਤੋਂ ਸ਼ੁਰੂ ਹੋਣੀ ਹੈ ਅਤੇ ਅਪ੍ਰੈਲ ਮਹੀਨੇ ਤੱਕ ਇਸ ਦੇ ਸਿਹਤ ਬੀਮਾ ਕਾਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਕਾਰਡ ਪਿੰਡ ਪੱਧਰ ’ਤੇ ਸੀ.ਐਚ.ਸੀ. (ਕਮਿਊਨਿਟੀ ਹੈਲਥ ਸੈਂਟਰ) ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ। ਸਪੀਕਰ ਸੰਧਵਾਂ ਨੇ ਬਲਾਕ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਇਸ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਲਾਭਪਾਤਰੀਆਂ ਦੇ ਕਾਰਡ ਬਣਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਇਹ ਸਿਹਤ ਕਾਰਡ ਤਿਆਰ ਕਰਵਾ ਸਕਦਾ ਹੈ, ਜਿਸ ਨਾਲ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਤੱਕ ਦਾ ਇਲਾਜ ਮੁਫਤ ਮੁਹੱਈਆ ਕੀਤਾ ਜਾਵੇਗਾ। ਉਨ੍ਹਾਂ ਬਲਾਕ ਪ੍ਰਧਾਨਾਂ ਨੂੰ ਕਿਹਾ ਕਿ ਇਸ ਕੰਮ ਨੂੰ ਜਿੰਮੇਵਾਰੀ ਅਤੇ ਸੇਵਾ ਭਾਵਨਾ ਨਾਲ ਕੀਤਾ ਜਾਵੇ ਤਾਂ ਜੋ ਹਰੇਕ ਵਰਗ ਇਸ ਸਹੂਲਤ ਦਾ ਲਾਹਾ ਲੈ ਸਕੇ। ਇਸ ਮੌਕੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਸ. ਗੁਰਮੀਤ ਸਿੰਘ ਆਰੇਵਾਲਾ, ਐੱਮ.ਸੀ. ਸਿਮਰਨਜੀਤ ਸਿੰਘ, ਗੁਰਦੀਪ ਸਿੰਘ ਧੂੜਕੋਟ ਤੋਂ ਇਲਾਵਾ ਬਲਾਕ ਪ੍ਰਧਾਨ ਹਾਜ਼ਰ ਸਨ।
