ਰਜਿਸਟ੍ਰੇਸ਼ਨ ਕਰਵਾਉਣ ਲਈ ਨੇੜਲੇ ਸੀ.ਐਸ.ਸੀ. ਵਿਖੇ ਕੀਤਾ ਜਾ ਸਕਦਾ ਰਾਬਤਾ
ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲੈਣ ਫਾਇਦਾ
ਬਠਿੰਡਾ, 6 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ)
ਜ਼ਿਲ੍ਹੇ ਭਰ ਵਿੱਚ ਸ਼ੁਰੂ ਹੋਣ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਜ਼ਿਲ੍ਹੇ ਵਿੱਚ ਸਥਾਪਿਤ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ‘ਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਸਥਾਨਕ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ ਕਰਵਾਏ ਗਏ ਇੱਕ ਜਾਗਰੂਕਤਾ ਪ੍ਰੋਗਰਾਮ ਦੌਰਾਨ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਹਾਜ਼ਰੀਨ ਜਿੰਨ੍ਹਾਂ ਵਿੱਚ ਜ਼ਿਲ੍ਹੇ ਭਰ ਦੇ ਕਰੀਬ 404 ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਦੇ ਓਪ੍ਰੇਟਰ ਵੀ ਸਨ, ਨੂੰ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਵੱਧ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ ਤਾਂ ਜੋ ਹਰੇਕ ਵਿਅਕਤੀ ਇਸ ਯੋਜ਼ਨਾ ਦਾ ਲਾਭ ਪ੍ਰਾਪਤ ਕਰ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਨਾਉਣ ਲਈ ਨਾ ਤਾਂ ਕੋਈ ਉਮਰ ਦੀ ਹੱਦ ਹੈ ਅਤੇ ਨਾ ਹੀ ਕੋਈ ਆਮਦਨ ਦੀ ਹੱਦ ਹੈ। ਕਾਰਡ ਬਨਾਉਣ ਲਈ ਸਿਰਫ਼ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ। ਕਾਰਡ ਆਪਣੇ ਪਿੰਡ ਜਾਂ ਸ਼ਹਿਰ ਦੇ ਕਿਸੇ ਵੀ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਵਿਖੇ ਬਣਾਏ ਜਾ ਸਕਦੇ ਹਨ। ਕਾਰਡ ਬਨਾਉਣ ਸਮੇਂ ਵਿਅਕਤੀ ਕੋਲ ਆਧਾਰ ਕਾਰਡ, ਵੋਟ ਕਾਰਡ ਅਤੇ ਮੋਬਾਇਲ ਨੰਬਰ ਹੋਣਾ ਲਾਜ਼ਮੀ ਹੈ ਅਤੇ ਇਹ ਵੀ ਜ਼ਰੂਰੀ ਹੈ ਕਿ ਸਬੰਧਤ ਵਿਅਕਤੀ ਦਾ ਆਧਾਰ ਕਾਰਡ ਮੋਬਾਇਲ ਨੰਬਰ ਨਾਲ ਲਿੰਕ ਹੋਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਐਨ.ਜੀ.ਓਜ਼ ਆਦਿ ਦਾ ਪੂਰਾ ਸਹਿਯੋਗ ਲੈਂਦਿਆਂ ਵੱਧ ਤੋਂ ਵੱਧ ਲੋਕਾਂ ਦੀ ਰਜਿਸ਼ਟ੍ਰੇਸ਼ਨ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਅੰਦਰ ਕੋਈ ਵਿਅਕਤੀ ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਦਾ ਕਾਰਡ ਬਨਾਉਣ ਤੋਂ ਵਾਝਾਂ ਨਾ ਰਹਿ ਸਕੇ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪ੍ਰਾਈਵਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਵਿਸ਼ਵ ਭਰ ਵਿੱਚੋਂ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇੱਕ ਨਿਵੇਕਲੀ ਪਹਿਲਕਦਮੀ ਹੈ, ਜਿਸ ਦਾ ਆਮ ਲੋਕਾਂ ਨੂੰ ਬਹੁਤ ਫ਼ਾਇਦਾ ਮਿਲੇਗਾ।
ਇਸ ਮੌਕੇ ਡਿਪਟੀ ਰਜਿਸਟਰ ਕੋਆਪਰੇਟਿਵ ਤਜੇਸ਼ਵਰ ਸਿੰਘ, ਡੀ.ਐਮ., ਸੀ.ਐੱਸ.ਸੀ ਤਰਸੇਮ ਸਿੰਘ ਬਰਾੜ, ਡਿਪਟੀ ਮੈਡੀਕਲ ਕਮਿਸ਼ਨਰ ਰਮਨ ਗੋਇਲ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
—
