*ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਮਾਲਕੀ ਹੱਕ ਦੇਣ ਲਈ ਵਚਨਬੱਧ : ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ*
*ਹਰ ਯੋਗ ਪਰਿਵਾਰ ਨੂੰ ਉਸ ਦੇ ਘਰ ਦਾ ਕਾਨੂੰਨੀ ਹੱਕ ਦਿਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ : ਮੰਤਰੀ ਸੌਂਦ*

ਖੰਨਾ, 19 ਨਵੰਬਰ :(ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਪਿੰਡਾਂ ਦੇ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਪਿੰਡ ਬੀਬੀਪੁਰ ਦੇ 180 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਲੰਬੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਲਈ ਇਹ ਇੱਕ ਮਹੱਤਵਪੂਰਨ ਪ੍ਰਾਪਤੀ ਹੈ।
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕਰ ਰਹੀ ਹੈ। ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਉਨ੍ਹਾਂ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦੇਣਾ ਹੈ, ਜੋ ਸਾਲਾਂ ਤੋਂ ਆਪਣੇ ਮਕਾਨਾਂ ਵਿੱਚ ਰਹਿ ਰਹੇ ਹਨ ਪਰ ਉਨ੍ਹਾਂ ਕੋਲ ਮਾਲਕੀ ਹੱਕ ਸਬੰਧੀ ਦਸਤਾਵੇਜ਼ ਨਹੀਂ ਸਨ।
ਮੰਤਰੀ ਸੌਂਦ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਪਰਿਵਾਰਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਹੱਕ ਮਿਲੇਗਾ ਅਤੇ ਭਵਿੱਖ ਵਿੱਚ ਜਾਇਦਾਦ ਨਾਲ ਸਬੰਧਤ ਕੰਮਾਂ ਵਿੱਚ ਵੀ ਸਹੂਲਤ ਹੋਵੇਗੀ। ਇਹ ਸਿਰਫ਼ ਇੱਕ ਦਸਤਾਵੇਜ਼ ਨਹੀਂ, ਸਗੋਂ ਆਮ ਪਰਿਵਾਰਾਂ ਦੇ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੁੜਿਆ ਮਹੱਤਵਪੂਰਨ ਕਦਮ ਹੈ। ਪੰਜਾਬ ਸਰਕਾਰ ਦਾ ਯਤਨ ਹੈ ਕਿ ਕੋਈ ਵੀ ਯੋਗ ਪਰਿਵਾਰ ਆਪਣੇ ਘਰ ਦੇ ਮਾਲਕੀ ਹੱਕ ਤੋਂ ਵਾਂਝਾ ਨਾ ਰਹੇ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਆਖਰੀ ਵਿਅਕਤੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਪਿੰਡ ਬੀਬੀਪੁਰ ਵਿੱਚ ਪ੍ਰਾਪਰਟੀ ਕਾਰਡ ਵੰਡਣ ਦੀ ਪ੍ਰਕਿਰਿਆ ਦੌਰਾਨ ਤਹਿਸੀਲਦਾਰ ਜਗਤਾਰ ਸਿੰਘ, ਕਾਨੂੰਨਗੋ ਰਵਿੰਦਰਪਾਲ ਸਿੰਘ, ਪਟਵਾਰੀ ਯੋਗੇਸ਼ ਕੁਮਾਰ ਅਤੇ ਪਿੰਡ ਦੇ ਸਰਪੰਚ ਗੁਰਮੀਤ ਸਿੰਘ ਦੀ ਅਹਿਮ ਭੂਮਿਕਾ ਰਹੀ।
ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਪੀਏ ਮਹੇਸ਼ ਕੁਮਾਰ, ਕਿਸਾਨ ਵਿੰਗ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਲਿਬੜਾ, ਮਿਲਾਗਰ ਖਾਨ, ਸਾਬਕਾ ਸਰਪੰਚ ਗੁਰਚਰਨ ਸਿੰਘ, ਸਾਬਕਾ ਪੰਚ ਗੁਰਮੀਤ ਸਿੰਘ ਅਤੇ ਤਰਨਪ੍ਰੀਤ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ। ਸਾਰਿਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੂੰ ਵਧਾਈ ਦਿੱਤੀ।

