ਹੁਕਮਰਾਨ ਸਰਕਾਰਾਂ ਇਹਨਾਂ ਲੋਕ ਵਿਰੋਧੀ ਨੀਤੀਆਂ ਤੋਂ ਬਾਜ਼ ਆਉਣ : ਆਗੂ
ਫਰੀਦਕੋਟ, 24 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੂਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਪ੍ਰੇਮ ਚਾਵਲਾ, ਪਾਵਰਕਾਮ ਪੈਨਸ਼ਨਰਜ਼ ਯੂਨੀਅਨ ਦੇ ਆਗੂ ਰਾਧੇ ਸ਼ਿਆਮ , ਚਮਕੌਰ ਸਿੰਘ ਬੀਰਮੀ, ਨਰਿੰਦਰ ਬੱਲ, ਚੰਦ ਸਿੰਘ ਡੋਡ ਨੇ ਦੋਸ਼ ਲਾਇਆ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਇਹਨਾਂ ਨੀਤੀਆਂ ਦਾ ਢੁੱਕਵਾਂ ਜਵਾਬ ਦੇਣ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਵੱਡੇ ਏਕੇ ਨਾਲ ਬਣੀ ਸਾਂਝੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਨੂੰ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਿਲ ਹੋਣਗੇ ਅਤੇ ਭਗਵੰਤ ਮਾਨ ਸਰਕਾਰ ਪ੍ਰਤੀ ਆਪਣੇ ਰੋਸ ਅਤੇ ਗੁੱਸੇ ਦਾ ਪ੍ਰਗਟਾਵਾ ਕਰਨਗੇ।
ਆਗੂਆਂ ਨੇ ਭਗਵੰਤ ਮਾਨ ਸਰਕਾਰ ‘ਤੇ ਦੋਸ਼ ਲਾਇਆ ਕਿ ਲਗਾਤਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋਈ ਬੈਠੀ ਹੈ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਹਮਣੇ ਵੱਖ ਵੱਖ ਤਰ੍ਹਾਂ ਦੀਆਂ ਮੁਲਾਜ਼ਮ ਵਿਰੋਧੀ ਦਲੀਲਾਂ ਪੇਸ਼ ਕਰਕੇ ਮਾਨਯੋਗ ਅਦਾਲਤ ਨੂੰ ਗੁਮਰਾਹ ਕਰ ਰਹੀ ਹੈ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 18 ਫੀਸਦੀ ਡੀ ਏ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਮੁਨਕਰ ਹੋ ਗਈ ਹੈ। ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੂਹ ਹੱਕੀ ਅਤੇ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਭਗਵੰਤ ਮਾਨ ਸਰਕਾਰ ਪ੍ਰਤੀ ਗੁੱਸੇ ਦੀ ਪਾਈ ਜਾ ਰਹੀ ਭਾਵਨਾ ਨੂੰ ਤੁਰੰਤ ਸ਼ਾਂਤ ਕੀਤਾ ਜਾਵੇ। ਉਹਨਾਂ ਚੇਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਵਤੀਰੇ ਦਾ ਖਮਿਆਜ਼ਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭੁਗਤਨਾ ਪਵੇਗਾ।
ਆਗੂਆਂ ਨੇ ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕਾਂ, ਬਿਜਲੀ ਮੁਲਾਜ਼ਮਾਂ ਅਤੇ ਨਰੇਗਾ ਮੁਲਾਜ਼ਮਾਂ ਦੀਆਂ ਆਪਣੀਆਂ ਲੰਬੇ ਸਮੇਂ ਤੋਂ ਪਹਿਲਾਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਚੱਲ ਰਹੀ ਹੜਤਾਲ, ਪੈਨਸ਼ਨਰ ਜੁਆਇੰਟ ਫਰੰਟ ਵੱਲੋਂ 29 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਦੀ ਪੂਰਨ ਹਮਾਇਤ ਕਰਨ ਦਾ ਫੈਸਲਾ ਕੀਤਾ ਅਤੇ ਬੀਤੇ ਦਿਨੀਂ ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਪੰਜਾਬ ਪੁਲਿਸ ਵੱਲੋਂ ਲਾਠੀਚਾਰਜ ਕਰਨ, ਖੰਨਾ ਵਿਖੇ ਨਰੇਗਾ ਮੁਲਾਜ਼ਮਾਂ ਤੇ 2 ਵਾਰ ਪੁਲਿਸ ਲਾਠੀਚਾਰਜ ਕਰਨ ਅਤੇ ਜੰਤਰ ਮੰਤਰ ਦਿੱਲੀ ਵਿਖੇ ਦਿੱਲੀ ਪੁਲਿਸ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਤੇ ਅੰਨੇਵਾਹ ਤਸ਼ੱਦਦ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਇਸ ਲਾਠੀਚਾਰਜ ਲਈ ਜਿੰਮੇਵਾਰ ਪੁਲਿਸ ਅਧਿਕਾਰੀਆਂ ‘ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਦਿੱਲੀ ਅਤੇ ਪੰਜਾਬ ਦੀਆਂ ਹੁਕਮਰਾਨ ਪਾਰਟੀਆਂ ਇੱਕ ਦੂਜੇ ਨੂੰ ਭੰਡਣ ਦੀ ਬਜਾਏ ਆਪਣੀ ਆਪਣੀ ਪੀੜੀ ਹੇਠਾਂ ਸੋਟਾ ਫੇਰਨਾ ਚਾਹੀਦਾ ਹੈ ਅਤੇ ਮਗਰਮੱਛ ਵਾਂਗ ਹੰਝੂ ਨਹੀਂ ਵਹਾਉਣੇ ਚਾਹੀਦੇ। ਆਗੂਆਂ ਨੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਸਾਹਮਣੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਵਿੱਚ ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਅੱਗੇ ਦੱਸਿਆ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾਂਰੈਲੀ ਅਤੇ ਮੁਜ਼ਾਹਰੇ ਨੂੰ ਸਫਲ ਬਣਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

