ਵਿਸ਼ੇਸ਼ ਗਹਿਰੀ ਸੁਧਾਈ ਸ਼ੁਰੂ ਹੋਣ ਤੋਂ ਪਹਿਲਾਂ ਵਾਲੀ ਵੋਟਰ ਸੂਚੀ ਵਿੱਚ ਨਾਮ ਦਰਜ ਹੋਣ ਵਾਲੇ ਵੋਟਰਾਂ ਦਾ ਨਾਮ ਜੋ ਕਿ ਮੌਜੂਦਾ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਿਆ ਹੈ, ਉਹਨਾਂ ਪਾਸੋਂ ਫਾਰਮ-6 ਭਰਨਾ ਗਲਤ ਘੋਸ਼ਣਾ ਨਹੀਂ ਮੰਨਿਆ ਜਾਵੇਗਾ
ਸਿਰਫ਼ ਇਸ ਆਧਾਰ ’ਤੇ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 31 ਤਹਿਤ ਕੋਈ ਕਾਰਵਾਈ ਨਹੀਂ ਹੋਵੇਗੀ, ਬਸ਼ਰਤੇ ਵੋਟਰ ਦਾ ਨਾਮ ਕਿਸੇ ਹੋਰ ਸੰਸਦੀ ਜਾਂ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਨਾ ਹੋਵੇ
ਪਟਿਆਲਾ, 20 ਨਵੰਬਰ:(ਵਰਲਡ ਪੰਜਾਬੀ ਟਾਈਮਜ਼)
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ, ਯੋਗਤਾ ਮਿਤੀ 1 ਜਨਵਰੀ 2027 ਦੇ ਅਧਾਰ ਤੇ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਜਿਨ੍ਹਾਂ ਪੁਰਾਣੇ ਵੋਟਰਾਂ ਦੇ ਨਾਮ ਸ਼ਾਮਲ ਨਹੀਂ ਹਨ, ਉਹ ਆਪਣਾ ਨਾਮ ਅੰਤਿਮ ਵੋਟਰ ਸੂਚੀ, ਜਿਸਦੀ ਪ੍ਰਕਾਸ਼ਨਾ ਮਿਤੀ 04 ਜਨਵਰੀ 2027 ਨੂੰ ਕਰਵਾਈ ਜਾਣੀ ਹੈ, ਵਿੱਚ ਦਰਜ ਕਰਵਾਉਣ ਲਈ ਫਾਰਮ-6 ਭਰ ਕੇ ਜਮ੍ਹਾਂ ਕਰਵਾ ਸਕਦੇ ਹਨ। ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਸਬੰਧੀ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੋਟਰ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਸ ਨੂੰ ਸਪੈਸ਼ਲ ਸਮਰੀ ਰਵੀਜ਼ਨ (ਐਸ.ਐਸ.ਆਰ.) ਦੀ ਪ੍ਰਕਿਰਿਆ ਦੌਰਾਨ ਵੋਟਰ ਸੂਚੀ ਵਿੱਚ ਆਪਣਾ ਨਾਮ ਮੁੜ ਦਰਜ ਕਰਵਾਉਣ ਲਈ ਫਾਰਮ-6 ਜਮ੍ਹਾਂ ਕਰਵਾਉਣਾ ਪਵੇਗਾ। ਇਹ ਵਿਵਸਥਾ ਉਨ੍ਹਾਂ ਵੋਟਰਾਂ ’ਤੇ ਵੀ ਲਾਗੂ ਹੋਵੇਗੀ, ਜਿਨ੍ਹਾਂ ਦਾ ਨਾਮ ਪਹਿਲਾਂ ਕਿਸੇ ਵੋਟਰ ਸੂਚੀ ਵਿੱਚ ਦਰਜ ਸੀ, ਪਰ ਮੌਜੂਦਾ ਡਰਾਫਟ ਸੂਚੀ ਵਿੱਚ ਸ਼ਾਮਲ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਫਾਰਮ-6 ਵਿੱਚ ਦਰਜ ਇਸ ਘੋਸ਼ਣਾ ਕਿ ਬਿਨੈਕਾਰ ਦਾ ਨਾਮ ਪਹਿਲੀ ਵਾਰ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ, ਨੂੰ ਸਿਰਫ਼ ਇਸ ਆਧਾਰ ’ਤੇ ਗਲਤ ਘੋਸ਼ਣਾ ਨਹੀਂ ਮੰਨਿਆ ਜਾਵੇਗਾ ਕਿ ਉਸ ਦਾ ਨਾਮ ਪਹਿਲਾਂ ਵੀ ਕਿਸੇ ਵੋਟਰ ਸੂਚੀ ਵਿੱਚ ਦਰਜ ਸੀ। ਇਸ ਲਈ ਅਜਿਹੇ ਪੁਰਾਣੇ ਵੋਟਰਾਂ ਨੂੰ ਫਾਰਮ-6 ਜਮ੍ਹਾਂ ਕਰਵਾਉਣ ਸਮੇਂ ਕਿਸੇ ਕਿਸਮ ਦੀ ਝਿਜਕ ਨਹੀਂ ਰੱਖਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਅਨੁਸਾਰ ਸਿਰਫ਼ ਇਸ ਆਧਾਰ ’ਤੇ ਕਿ ਕਿਸੇ ਵੋਟਰ ਦਾ ਨਾਮ ਪਹਿਲਾਂ ਦੀ ਵੋਟਰ ਸੂਚੀ ਵਿੱਚ ਦਰਜ ਸੀ ਅਤੇ ਉਸ ਨੇ ਐਸ.ਆਈ.ਆਰ. ਦੀ ਪ੍ਰਕਿਰਿਆ ਦੌਰਾਨ ਜਾਂ ਇਸ ਤੋਂ ਬਾਅਦ ਫਾਰਮ-6 ਜਮ੍ਹਾਂ ਕਰਵਾਇਆ ਹੈ, ਉਸ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 31 ਤਹਿਤ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਹਾਲਾਂਕਿ, ਇਸ ਲਈ ਇਹ ਜ਼ਰੂਰੀ ਹੈ ਕਿ ਸਬੰਧਤ ਵੋਟਰ ਦਾ ਨਾਮ ਕਿਸੇ ਹੋਰ ਸੰਸਦੀ ਜਾਂ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਨਾ ਹੋਵੇ ਅਤੇ ਉਸ ਵੱਲੋਂ ਕੀਤੀ ਗਈ ਘੋਸ਼ਣਾ ਕਾਨੂੰਨ ਦੇ ਹੋਰ ਪ੍ਰਬੰਧਾਂ ਅਨੁਸਾਰ ਹੋਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੇ 3 ਨਵੰਬਰ, 2026 ਨੂੰ ਜਾਰੀ ਪੱਤਰ ਰਾਹੀਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਇਸ ਸਪੱਸ਼ਟੀਕਰਨ ਦਾ ਵਿਆਪਕ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਕੋਈ ਵੀ ਯੋਗ ਵੋਟਰ ਜਾਣਕਾਰੀ ਦੀ ਘਾਟ ਜਾਂ ਕਿਸੇ ਤਰ੍ਹਾਂ ਦੀ ਗਲਤਫ਼ਹਿਮੀ ਕਾਰਨ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ।
ਇਸ ਦੇ ਮੱਦੇਨਜ਼ਰ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦਾ ਨਾਮ ਐਸ.ਆਈ.ਆਰ. ਦੀ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਨਿਰਧਾਰਤ ਪ੍ਰਕਿਰਿਆ ਅਨੁਸਾਰ ਫਾਰਮ-6 ਜਮ੍ਹਾਂ ਕਰਵਾ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ।
