ਕੋਟਕਪੂਰਾ, 12 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮਿਹਨਤੀ ਅਤੇ ਦ੍ਰਿੜ ਆਗੂ ਰਾਜਨ ਨਾਰੰਗ ਨੂੰ ਪਾਰਟੀ ਵੱਲੋਂ ਉਨ੍ਹਾਂ ਦੀਆਂ ਬਹਿਤਰੀਨ ਸੇਵਾਵਾਂ ਨੂੰ ਦੇਖਦੇ ਹੋਏ ਦੂਜੀ ਵਾਰ ਜ਼ਿਲ੍ਹਾ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਲਈ ਰਾਜਨ ਨਾਰੰਗ ਨੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਕੇਂਦਰੀ ਅਤੇ ਪੰਜਾਬ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ ਹੈ। ਆਪਣੀ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਰਾਜਨ ਨਾਰੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ, ਪੰਜਾਬ ਸੰਗਠਨ ਮਹਾਮੰਤਰੀ ਮੰਥਰੀ ਸ੍ਰੀ ਨਿਵਾਸਲੂ, ਜ਼ੋਨ ਇੰਚਾਰਜ ਜੀਵਨ ਗਰਗ, ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਅਤੇ ਲੋਕ ਸਭਾ ਫ਼ਰੀਦਕੋਟ ਦੇ ਕਨਵੀਨਰ ਸ੍ਰੀ ਵਿਜੇ ਸ਼ਰਮਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਕਾਰਜਕੁਸ਼ਲਤਾ ‘ਤੇ ਮੁੜ ਭਰੋਸਾ ਜਤਾਉਂਦਿਆਂ ਇਹ ਜ਼ਿੰਮੇਵਾਰੀ ਦਿੱਤੀ ਹੈ। ਰਾਜਨ ਨਾਰੰਗ ਨੇ ਆਖਿਆ, “ਪਾਰਟੀ ਹਾਈਕਮਾਂਡ ਨੇ ਮੇਰੇ ‘ਤੇ ਜੋ ਵਿਸ਼ਵਾਸ ਜਤਾਇਆ ਹੈ, ਮੈਂ ਉਸ ਲਈ ਹਮੇਸ਼ਾ ਧੰਨਵਾਦੀ ਰਹਾਂਗਾ। ਮੈਂ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਹਿਲਾਂ ਨਾਲੋਂ ਵੀ ਵੱਧ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਅਸੀਂ ਸਾਰੇ ਰਲ-ਮਿਲ ਕੇ ਹਲਕਾ ਕੋਟਕਪੂਰਾ ਅਤੇ ਪੂਰੇ ਜ਼ਿਲ੍ਹੇ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਾਂਗੇ।” ਰਾਜਨ ਨਾਰੰਗ ਨੇ ਅੱਗੇ ਬੋਲਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਤੰਗ ਆ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਹੀ ਆਪਣਾ ਭਵਿੱਖ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਕੋਟਕਪੂਰਾ ਵਿੱਚ ਦਿਨ-ਰਾਤ ਇਕ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ 2027 ਵਿੱਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤ ਸਰਕਾਰ ਬਣਾਈ ਜਾਵੇਗੀ।
