‘ਆਪ’ ਨੂੰ ਵੋਟਾਂ ਦੀ ਤਾਕਤ ਨਾਲ ਅਤੇ ਹੁਕਮਰਾਨ ਪੰਜਾਬ ਸਰਕਾਰ ਨੂੰ ਸੰਘਰਸ਼ਾਂ ਰਾਹੀਂ ਮੁਲਾਜ਼ਮ ਅਤੇ ਪੈਨਸ਼ਨਰ ਸਿਖਾਉਣਗੇ ਸਬਕ : ਆਗੂ
ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੱਕ ਪਾਸੇ ਪੰਜਾਬ ਦੇ ਸੱਤ ਲੱਖ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ਾਂ ਦੇ ਮੈਦਾਨ ਵਿੱਚ ਹਨ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੇ ਸੜਕੀ ਸੰਘਰਸ਼ ਦੇ ਨਾਲ ਨਾਲ ਅਤੇ ਬਹੁਤ ਸਾਰੇ ਮਸਲਿਆਂ ਨੂੰ ਲੈਕੇ ਕਾਨੂੰਨੀ ਤੌਰ ਤੇ ਵੀ ਮਾਨਯੋਗ ਅਦਾਲਤਾਂ ਵਿੱਚ ਘੇਰਕੇ ਰੱਖਿਆ ਹੋਇਆ ਹੈ। ਮਾਨਯੋਗ ਅਦਾਲਤਾਂ ਨੇ ਡੀ ਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਿਤੀ 17-7-2020, ਮਿਤੀ 15-1-2015 ਦੇ ਪੱਤਰ ਰੱਦ ਕਰਨ, ਪੈਨਸ਼ਨਰ ਲਈ 2..59 ਦਾ ਗੁਨਾਂਕ ਲਾਗੂ ਕਰਨ ਆਦਿ ਬਹੁਤ ਸਾਰੇ ਹੋਰ ਮਸਲਿਆਂ ਨੂੰ ਲੈਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਬਹੁਤ ਸਾਰੇ ਫੈਸਲੇ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਇਹ ਫੈਸਲੇ ਲਾਗੂ ਕਰਨ ਤੋਂ ਮੁਨਕਰ ਹੋਈ ਬੈਠੀ ਹੈ। ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਤਾਕਤ ਦੇ ਨਸ਼ੇ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੂੰ ਮੀਟਿੰਗ ਦਾ ਲਿਖਤੀ ਸਮਾਂ ਦੇਕੇ ਇਹ ਮੀਟਿੰਗਾਂ ਕਰਨ ਤੋਂ ਬਿਲਕੁੱਲ ਭਗੌੜੇ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੀ ਉੱਚ ਅਫ਼ਸਰਸ਼ਾਹੀ ਤੇ ਮਾਨਯੋਗ ਅਦਾਲਤਾਂ ਵਿੱਚ ਝੂਠੇ ਹਲਫੀਆ ਬਿਆਨ ਦੇਣ ਦੇ ਦੋਸ਼ ਵੀ ਸਾਬਿਤ ਹੋ ਚੁੱਕੇ ਹਨ। ਪੰਜਾਬ ਸਰਕਾਰ ਨੂੰ ਜੁਰਮਾਨੇ ਭਰਨ ਲਈ ਵੀ ਮਜਬੂਰ ਹੋਣਾ ਪੈ ਗਿਆ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਗੱਲਬਾਤ ਤੋਂ ਭਗੌੜੇ ਹੋਣ ਦੀ ਤਾਜ਼ਾ ਮਿਸਾਲ ਮਿਤੀ 19 ਨਵੰਬਰ ਨੂੰ ਸੰਗਰੂਰ ਵਿਖੇ ਲੱਗੇ ਸੱਤ ਰੋਜ਼ਾ ਪੱਕੇ ਮੋਰਚੇ ਦੇ ਆਖਰੀ ਦਿਨ ਮੁੱਖ ਮੰਤਰੀ ਪੰਜਾਬ ਦੇ ਇੱਕ ਉੱਚ ਅਧਿਕਾਰੀ ਵੱਲੋਂ ਲਿਖਤੀ ਤੌਰ ਤੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ 25 ਨਵੰਬਰ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਪੰਜਾਬ ਦੇ ਨਿਵਾਸ ਸਥਾਨ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਦਾ ਸੱਦਾ ਦਿੱਤਾ ਗਿਆ ਅਤੇ ਉੱਚ ਅਧਿਕਾਰੀ ਵੱਲੋਂ ਦੋ ਪ੍ਰਮੁੱਖ ਆਗੂਆਂ ਨਾਲ ਫੋਨ ‘ਤੇ ਇਹ ਮੀਟਿੰਗ ਹਰ ਹਾਲਤ ਵਿੱਚ ਹੋਣ ਦਾ ਭਰੋਸਾ ਦਿੱਤਾ ਗਿਆ ਸੀ। ਅੱਜ ਬਾਅਦ ਦੁਪਹਿਰ ਇੱਕ ਵਾਰ ਫਿਰ ਮੁੱਖ ਮੰਤਰੀ ਪੰਜਾਬ ਇਹ ਮੀਟਿੰਗ ਕਰਨ ਤੋਂ ਬਿਲਕੁਲ ਭਗੋੜੇ ਹੋ ਗਏ ਹਨ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਇਹ ਮੀਟਿੰਗ ਮੁੱਖ ਸਕਤੱਰ ਪੰਜਾਬ ਸਰਕਾਰ ਨਾਲ ਕਰਨ ਦੇ ਲਿਖਤੀ ਪੱਤਰ ਜਾਰੀ ਕਰ ਰਹੇ ਹਨ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨਾਲ ਰੱਖੀ ਗਈ ਇਸ ਮੀਟਿੰਗ ਦਾ ਸਾਂਝੀ ਤਾਲਮੇਲ ਕਮੇਟੀ ਦੀ ਸਮੁੱਚੀ ਲੀਡਰਸ਼ਿਪ ਨੇ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਪੰਜਾਬ ਦੇ ਇਸ ਹੰਕਾਰੀ ਰਵਈਏ ਦੀ ਪੰਜਾਬ ਦੇ ਸੱਤ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾ ਰਹੀ ਹੈ। ਇਹ ਬਿਆਨ ਜਾਰੀ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਪ੍ਰਮੁੱਖ ਆਗੂ ਦਰਸ਼ਨ ਸਿੰਘ ਲੁਬਾਣਾ, ਚਰਨ ਸਿੰਘ ਸਰਾਭਾ, ਰਣਜੀਤ ਸਿੰਘ ਰਾਣਵਾਂ, ਗੁਰਪ੍ਰੀਤ ਸਿੰਘ ਮੰਗਵਾਲ, ਗੁਰਮੇਲ ਸਿੰਘ ਮੈਡਲੇ, ਕਰਤਾਰ ਸਿੰਘ ਪਾਲ, ਮਨਜੀਤ ਸਿੰਘ ਗਿੱਲ, ਜਸਵਿੰਦਰ ਪਾਲ ਉੱਘੀ, ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ,ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਅਤੇ ਜਨਰਲ ਸਕੱਤਰ ਬਲਬੀਰ ਕੌਰ ਲੁਧਿਆਣਾ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਜਿੰਦਰ ਪਾਇਲਟ ਅਤੇ ਵਿੱਤ ਸਕੱਤਰ ਨਵੀਨ ਸਚਦੇਵਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ 27 ਨਵੰਬਰ ਨੂੰ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵੱਲੋਂ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ 1 ਦਸੰਬਰ ਤੋਂ 5 ਦਸੰਬਰ ਤੱਕ ਪੰਜਾਬ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕਣ ਅਤੇ ਇਹਨਾਂ ਦੀ ਸਵਾਹ ਇਕੱਠੀ ਕਰਕੇ 6 ਦਸੰਬਰ ਨੂੰ ਪੰਜਾਬ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਬੁੱਢਾ ਨਾਲਾ ਲੁਧਿਆਣਾ ਵਿਖੇ ਸੁੱਟਣ ਦੇ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਫੈਸਲੇ ਕੀਤੇ ਜਾਣਗੇ।ਆਗੂਆਂ ਨੇ ਚਿਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵੋਟਾਂ ਦੀ ਤਾਕਤ ਨਾਲ ਅਤੇ ਹੁਕਮਰਾਨ ਪੰਜਾਬ ਸਰਕਾਰ ਨੂੰ ਸੰਘਰਸ਼ਾਂ ਰਾਹੀਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਢੁੱਕਵਾਂ ਜਵਾਬ ਦਿੱਤਾ ਜਾਵੇਗਾ।

