ਸਪੀਕਰ ਸੰਧਵਾਂ ਨੇ ਹਲਕੇ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ
ਕੋਟਕਪੂਰਾ, 30 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਲੋਕ ਮਿਲਣੀ ਪ੍ਰੋਗਰਾਮ’ ਤਹਿਤ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਪਹੁੰਚ ਕੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪੀਣ ਵਾਲੇ ਪਾਣੀ, ਸੜਕਾਂ, ਸਫ਼ਾਈ, ਬਿਜਲੀ, ਸਿਹਤ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਸਬੰਧੀ ਮਸਲੇ ਸਪੀਕਰ ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਤੁਰਤ ਅਤੇ ਤਰਜੀਹੀ ਆਧਾਰ ’ਤੇ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਰਕਾਰ ਨਾਲ ਸਿੱਧਾ ਜੋੜਨਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਰ ਵਰਗ ਦੇ ਲੋਕਾਂ ਦੀ ਆਵਾਜ਼ ਨੂੰ ਪਹਿਲ ਦੇ ਅਧਾਰ ’ਤੇ ਸੁਣਿਆ ਜਾਵੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ., ਜਗਤਾਰ ਸਿੰਘ ਜੱਗਾ ਬਰਾੜ ਸਰਪੰਚ ਖਾਰਾ, ਸਿਮਰਜੀਤ ਸਿੰਘ ਸਿਮਰਾ ਕੌਂਸਲਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

