ਕੋਟਕਪੂਰਾ, 12 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਅਤੇ ਗੁਆਂਢੀ ਸੂਬੇ ਹਰਿਆਣਾ ਦੇ ਇਕ ਵਿਧਾਇਕ ਨੂੰ 20 ਜੂਨ ਤੋਂ ਪਹਿਲਾਂ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣਾ ਹੋਵੇਗਾ। ਇਹ ਕਾਨੂੰਨੀ ਤੌਰ ’ਤੇ ਬੇਹੱਦ ਜਰੂਰੀ ਹੈ, ਕਿਉਂਕਿ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਸਬੰਧੀ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜਟ ਵਿੱਚ ਪ੍ਰਕਾਸ਼ਿਤ ਕੀਤੀ ਜਾਵੇਗੀ। ਇਨਾਂ ਦੇ ਅਸਤੀਫਿਆਂ ਤੋਂ ਬਾਅਦ ਚੋਣ ਕਮਿਸ਼ਨ ਜਿਮਨੀ ਚੋਣਾਂ ਲਈ ਅੱਗੇ ਦੀ ਕਾਰਵਾਈ ਸ਼ੁਰੂ ਕਰੇਗਾ। ਜਾਣਕਾਰੀ ਮੁਤਾਬਿਕ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਅਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਚੋਣ ਜਿੱਤੇ ਹਨ। ਇਹ ਦੋਵੇਂ ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਤੋਂ ਵਿਧਾਇਕ ਹਨ। ਇਸੇ ਤਰਾਂ ਸੰਗਰੂਰ ਤੋਂ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਹਨ, ਜਦਕਿ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਹੁਸ਼ਿਆਰਪੁਰ ਤੋਂ ਚੋਣ ਲੜਨ ਵਾਲੇ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਹਨ। ਇਨਾਂ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ। ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਉਕਤ ਵਿਧਾਇਕਾਂ ਨੂੰ 20 ਜੂਨ 2024 ਤੋਂ ਪਹਿਲਾਂ ਸੂਬੇ ਦੀ ਵਿਧਾਨ ਸਭਾ ਤੋਂ ਅਸਤੀਫਾ ਦੇਣਾ ਹੋਵੇਗਾ, ਨਹੀਂ ਤਾਂ ਸਬੰਧਤ ਲੋਕ ਸਭਾ ਸੀਟਾਂ ਜਿੱਥੇ ਉਪਰੋਕਤ ਆਗੂਆਂ ਨੂੰ 4 ਜੂਨ 2024 ਨੂੰ ਲੋਕ ਸਭਾ ਮੈਂਬਰ ਦੇ ਰੂਪ ਵਿੱਚ ਚੁਣਿਆ ਗਿਆ ਹੈ, ਨੂੰ ਖਾਲੀ ਐਲਾਨ ਦਿੱਤਾ ਜਾਵੇਗਾ। ਸਾਰੇ ਪਾਰਲੀਮੈਂਟ ਮੈਂਬਰਾਂ ਦੇ ਚੁਣੇ ਜਾਣ ਸਬੰਧੀ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜਟ ਵਿੱਚ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।